ਬਲਾਚੌਰ, 19 ਜੁਲਾਈ (ਨਰੇਸ਼ ਧੌਲ)- ਜਲੰਧਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਤਿਹਾਸਕ ਫੇਰੀ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਪੰਜਾਬ ਦੀ ਧਰਤੀ ‘ਤੇ ਆਉਣ ਲਈ ਦਿਲੋਂ ਸਵਾਗਤ ਕੀਤਾ ਅਤੇ ਪੰਜਾਬ ਦੇ ਵਿਕਾਸ ਲਈ ਕੇਂਦਰ ਸਰਕਾਰ ਵੱਲੋਂ ਦਿੱਤੇ ਜਾ ਰਹੇ ਵੱਡੇ ਤੋਹਫ਼ਿਆਂ ਅਤੇ ਪ੍ਰੋਜੈਕਟਾਂ ਲਈ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਪੰਜਾਬ ਦੇ ਵਿਕਾਸ, ਉਦਯੋਗਿਕ ਤਰੱਕੀ, ਬੁਨਿਆਦੀ ਢਾਂਚੇ ਦੇ ਵਿਸਥਾਰ, ਕਿਸਾਨਾਂ ਦੀ ਭਲਾਈ, ਰਾਸ਼ਟਰੀ ਮਾਰਗਾਂ, ਰੇਲਵੇ ਤੇ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਇਤਿਹਾਸਕ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦਾ ਲਾਭ ਪੰਜਾਬ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ। ਲੱਕੀ ਨੇ ਕਿਹਾ ਕਿ ਜਲੰਧਰ ਫੇਰੀ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਕੀਤੇ ਐਲਾਨ ਅਤੇ ਵਿਕਾਸੀ ਪ੍ਰੋਜੈਕਟ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਰਹੀ ਹੈ ਤੇ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ। ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਦਰਸ਼ੀ ਸੋਚ, ਮਜ਼ਬੂਤ ਲੀਡਰਸ਼ਿਪ ਤੇ ਦੇਸ਼ ਨੂੰ ਵਿਸ਼ਵ ਪੱਧਰ ‘ਤੇ ਨਵੀਆਂ ਉਚਾਈਆਂ ਤੱਕ ਲੈ ਜਾਣ ਲਈ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਭਾਰਤ ਦੁਨੀਆ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ਵਿੱਚ ਸ਼ਾਮਲ ਹੋ ਰਿਹਾ ਹੈ ਅਤੇ ਇਸ ਦਾ ਸਿੱਧਾ ਲਾਭ ਪੰਜਾਬ ਸਮੇਤ ਦੇਸ਼ ਦੇ ਹਰ ਸੂਬੇ ਨੂੰ ਮਿਲ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਹੋਈ ਸੰਖੇਪ ਗੱਲਬਾਤ ਦੌਰਾਨ ਪੰਜਾਬ ਦੇ ਵਿਕਾਸ, ਉਦਯੋਗਿਕ ਖੇਤਰ ਦੀਆਂ ਲੋੜਾਂ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕਿਆਂ ਬਾਰੇ ਵੀ ਚਰਚਾ ਕੀਤੀ ਗਈ। ਪ੍ਰਧਾਨ ਮੰਤਰੀ ਨੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਵੱਲੋਂ ਵਿਸ਼ੇਸ਼ ਮੁਲਾਕਾਤ
ਅਜੀਤ ਡੈਸਕ
20-07-2026