ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਸਰਕਾਰਾਂ ਦੀ ਨੈਤਿਕ ਜ਼ਿੰਮੇਵਾਰੀ - ਕਮਲਜੀਤ ਸਿੰਘ ਤੁਲੀ
ਟਾਂਡਾ ਉੜਮੁੜ, 9 ਸਤੰਬਰ (ਭਗਵਾਨ ਸਿੰਘ ਸੈਣੀ)- ਸੀਨੀਅਰ ਅਕਾਲੀ ਆਗੂ ਕਮਲਜੀਤ ਸਿੰਘ ਤੁਲੀ ਨੇ ‘ਅਜੀਤ’ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਅਤੇ ਸੂਬੇ ਦੀ ਤਰੱਕੀ ਦਾ ਮੁੱਖ ਆਧਾਰ ਹੁੰਦੇ ਹਨ। ਇਸ ਲਈ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਕਾਬਲੀਅਤ ਅਨੁਸਾਰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਸਰਕਾਰਾਂ ਦੀ ਸਿਰਫ਼ ਜ਼ਿੰਮੇਵਾਰੀ ਹੀ ਨਹੀਂ, ਸਗੋਂ ਨੈਤਿਕ ਫ਼ਰਜ਼ ਵੀ ਹੈ।
ਟਾਂਡਾ ਉੜਮੁੜ, 9 ਸਤੰਬਰ (ਭਗਵਾਨ ਸਿੰਘ ਸੈਣੀ)- ਸੀਨੀਅਰ ਅਕਾਲੀ ਆਗੂ ਕਮਲਜੀਤ ਸਿੰਘ ਤੁਲੀ ਨੇ ‘ਅਜੀਤ’ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਅਤੇ ਸੂਬੇ ਦੀ ਤਰੱਕੀ ਦਾ ਮੁੱਖ ਆਧਾਰ ਹੁੰਦੇ ਹਨ। ਇਸ ਲਈ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਕਾਬਲੀਅਤ ਅਨੁਸਾਰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਸਰਕਾਰਾਂ ਦੀ ਸਿਰਫ਼ ਜ਼ਿੰਮੇਵਾਰੀ ਹੀ ਨਹੀਂ, ਸਗੋਂ ਨੈਤਿਕ ਫ਼ਰਜ਼ ਵੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਮਿਹਨਤੀ, ਹੁਨਰਮੰਦ ਅਤੇ ਕਾਬਲ ਹਨ, ਪਰ ਆਪਣੇ ਸੂਬੇ ਵਿਚ ਰੁਜ਼ਗਾਰ ਦੇ ਢੁਕਵੇਂ ਮੌਕੇ ਨਾ ਮਿਲਣ ਕਾਰਨ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਹੋ ਰਹੇ ਹਨ। ਇਸ ਨਾਲ ਪੰਜਾਬ ਦੀ ਕੀਮਤੀ ਨੌਜਵਾਨ ਸ਼ਕਤੀ ਸੂਬੇ ਤੋਂ ਬਾਹਰ ਜਾ ਰਹੀ ਹੈ ਅਤੇ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਤੋਂ ਦੂਰ ਰਹਿਣ ਦੀ ਪੀੜ ਸਹਿਣੀ ਪੈ ਰਹੀ ਹੈ। ਕਮਲਜੀਤ ਸਿੰਘ ਤੁਲੀ ਨੇ ਕਿਹਾ ਕਿ ਸਰਕਾਰ ਨੂੰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲੰਬੇ ਸਮੇਂ ਦੀ ਠੋਸ ਨੀਤੀ ਤਿਆਰ ਕਰਨੀ ਚਾਹੀਦੀ ਹੈ। ਸੂਬੇ ਵਿਚ ਨਵੇਂ ਉਦਯੋਗ ਸਥਾਪਤ ਕਰਨ, ਪੁਰਾਣੇ ਉਦਯੋਗਾਂ ਨੂੰ ਮਜ਼ਬੂਤ ਕਰਨ, ਛੋਟੇ ਕਾਰੋਬਾਰੀਆਂ ਅਤੇ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਤਕਨੀਕੀ ਅਤੇ ਕਿੱਤਾਮੁਖੀ ਸਿਖਲਾਈ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਸਰਕਾਰੀ ਨੌਕਰੀਆਂ ਦੇ ਵਾਅਦੇ ਕਰਨ ਨਾਲ ਸਮੱਸਿਆ ਦਾ ਹੱਲ ਨਹੀਂ ਹੋਵੇਗਾ। ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਨਾਲ ਉਨ੍ਹਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਆਸਾਨ ਸ਼ਰਤਾਂ ’ਤੇ ਕਰਜ਼ੇ, ਸਿਖਲਾਈ ਅਤੇ ਸਰਕਾਰੀ ਸਹਾਇਤਾ ਵੀ ਮੁਹੱਈਆ ਕਰਵਾਉਣੀ ਚਾਹੀਦੀ ਹੈ। ਇਸ ਨਾਲ ਨੌਜਵਾਨ ਖ਼ੁਦ ਰੁਜ਼ਗਾਰ ਹਾਸਲ ਕਰਨ ਦੇ ਨਾਲ ਹੋਰਨਾਂ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਣਗੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਮੁੜ ਖ਼ੁਸ਼ਹਾਲ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣਾ ਹੈ ਤਾਂ ਨੌਜਵਾਨਾਂ ਨੂੰ ਸੂਬੇ ਵਿਚ ਹੀ ਚੰਗੇ ਭਵਿੱਖ ਦੀ ਗਾਰੰਟੀ ਦੇਣੀ ਪਵੇਗੀ। ਸਰਕਾਰਾਂ ਨੂੰ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਰੁਜ਼ਗਾਰ ਸਬੰਧੀ ਕੀਤੇ ਵਾਅਦਿਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਸ ਸੂਬੇ ਦਾ ਨੌਜਵਾਨ ਆਪਣੇ ਹੀ ਸੂਬੇ ਵਿਚ ਮਿਹਨਤ ਕਰਕੇ ਇੱਜ਼ਤ ਨਾਲ ਰੁਜ਼ਗਾਰ ਕਮਾਉਂਦਾ ਹੈ, ਉਹੀ ਸੂਬਾ ਅਸਲ ਮਾਅਨੇ ਵਿਚ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ’ਤੇ ਅੱਗੇ ਵਧਦਾ ਹੈ।