ਮੁਫ਼ਤ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦੀ ਅਸਲੀਅਤ ਲੋਕਾਂ ਦੇ ਵਧਦੇ ਬਿਜਲੀ ਬਿੱਲਾਂ ਨੇ ਕੀਤੀ ਬੇਨਕਾਬ-ਅਜੇ ਮੰਗੂਪੁਰ
ਬਲਾਚੌਰ, 12 ਸਤੰਬਰ (ਨਰੇਸ਼ ਧੌਲ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਸਸਤੀ ਤੇ ਮੁਫ਼ਤ ਬਿਜਲੀ ਦੇ ਕੀਤੇ ਵੱਡੇ-ਵੱਡੇ ਦਾਅਵਿਆਂ ’ਤੇ ਸਵਾਲ ਚੁੱਕਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਕਿਹਾ ਕਿ ਜ਼ਮੀਨੀ ਹਕੀਕਤ ਸਰਕਾਰ ਦੇ ਦਾਅਵਿਆਂ ਤੋਂ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਅੱਜ ਆਮ ਪਰਿਵਾਰਾਂ ਨੂੰ ਮਹੀਨੇ ਦੇ 7 ਹਜ਼ਾਰ ਰੁਪਏ ਤੋਂ ਵੀ ਵੱਧ ਦੇ ਬਿਜਲੀ ਬਿੱਲ ਆ ਰਹੇ ਹਨ, ਜਿਸ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਬਲਾਚੌਰ, 12 ਸਤੰਬਰ (ਨਰੇਸ਼ ਧੌਲ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਸਸਤੀ ਤੇ ਮੁਫ਼ਤ ਬਿਜਲੀ ਦੇ ਕੀਤੇ ਵੱਡੇ-ਵੱਡੇ ਦਾਅਵਿਆਂ ’ਤੇ ਸਵਾਲ ਚੁੱਕਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਕਿਹਾ ਕਿ ਜ਼ਮੀਨੀ ਹਕੀਕਤ ਸਰਕਾਰ ਦੇ ਦਾਅਵਿਆਂ ਤੋਂ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਅੱਜ ਆਮ ਪਰਿਵਾਰਾਂ ਨੂੰ ਮਹੀਨੇ ਦੇ 7 ਹਜ਼ਾਰ ਰੁਪਏ ਤੋਂ ਵੀ ਵੱਧ ਦੇ ਬਿਜਲੀ ਬਿੱਲ ਆ ਰਹੇ ਹਨ, ਜਿਸ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅਜੇ ਮੰਗੂਪੁਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ‘ਆਪ’ ਆਗੂਆਂ ਨੇ ਘਰ-ਘਰ ਮੁਫ਼ਤ ਬਿਜਲੀ ਅਤੇ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਵਾਅਦੇ ਕੀਤੇ ਸਨ, ਪਰ ਸਰਕਾਰ ਬਣਨ ਤੋਂ ਬਾਅਦ ਲੋਕਾਂ ਨੂੰ ਮਹਿੰਗੇ ਬਿੱਲਾਂ, ਗਲਤ ਬਿਲਿੰਗ ਤੇ ਬਿਜਲੀ ਵਿਭਾਗ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਕ ਆਮ ਮੱਧਵਰਗੀ ਜਾਂ ਗਰੀਬ ਪਰਿਵਾਰ ਨੂੰ ਹਰ ਮਹੀਨੇ ਹਜ਼ਾਰਾਂ ਰੁਪਏ ਦਾ ਬਿਜਲੀ ਬਿੱਲ ਭਰਨਾ ਪਵੇ ਤਾਂ ਸਰਕਾਰ ਦੀ ਮੁਫ਼ਤ ਬਿਜਲੀ ਦੀ ਗਾਰੰਟੀ ਕਿੱਥੇ ਗਈ? ਸਰਕਾਰ ਨੂੰ ਸਿਰਫ਼ ਇਸ਼ਤਿਹਾਰਾਂ ਤੇ ਬਿਆਨਾਂ ਦੀ ਰਾਜਨੀਤੀ ਕਰਨ ਦੀ ਬਜਾਏ ਲੋਕਾਂ ਦੀਆਂ ਅਸਲ ਸਮੱਸਿਆਵਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਲੋਕਾਂ ਦੀਆਂ ਬਿਜਲੀ ਸੰਬੰਧੀ ਸਮੱਸਿਆਵਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ ਕਾਂਗਰਸ ਪਾਰਟੀ ਲੋਕਾਂ ਦੇ ਹੱਕ ਵਿਚ ਸੜਕ ਤੋਂ ਲੈ ਕੇ ਸਰਕਾਰ ਤੱਕ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਇਸ ਮੌਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ, ਹਰਪ੍ਰੀਤ ਹੈਰੀ ਯੂਥ ਪ੍ਰਧਾਨ ਸ਼ਹਿਰੀ, ਮਨਦੀਪ ਮੀਨਾ ਮਹਿਲਾ ਆਗੂ ਆਦਿ ਹਾਜ਼ਰ ਸਨ।