ਸਿਵਲ ਸਰਜਨ ਨੇ ਸਿਹਤ ਸੇਵਾਵਾਂ ਤੇ ਆਮ ਆਦਮੀ ਕਲੀਨਿਕ ਦੇ ਨਿਰਮਾਣ ਦਾ ਲਿਆ ਜਾਇਜ਼ਾ
ਬੰਗਾ, 5 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿਵਲ ਸਰਜਨ ਡਾ. ਅਮਨ ਸੂਦ ਨੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਮੁੱਢਲਾ ਸਿਹਤ ਕੇਂਦਰ ਸੁੱਜੋਂ ਤੇ ਪਿੰਡ ਭੌਰਾ ਵਿਖੇ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਅਤੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ।
ਬੰਗਾ, 5 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿਵਲ ਸਰਜਨ ਡਾ. ਅਮਨ ਸੂਦ ਨੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਮੁੱਢਲਾ ਸਿਹਤ ਕੇਂਦਰ ਸੁੱਜੋਂ ਤੇ ਪਿੰਡ ਭੌਰਾ ਵਿਖੇ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਅਤੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਸਿਹਤ ਸੇਵਾਵਾਂ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਸੰਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਪਰੰਤ ਉਨ੍ਹਾਂ ਪਿੰਡ ਭੌਰਾ ਵਿਖੇ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸੰਬੰਧਤ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਤੇ ਸਮੇਂ ਸਿਰ ਮੁਕੰਮਲ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਸਿਵਲ ਸਰਜਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਦੇ ਚਾਲੂ ਹੋਣ ਨਾਲ ਪਿੰਡ ਭੌਰਾ ਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਮੁੱਢਲੀਆਂ ਸਿਹਤ ਸੇਵਾਵਾਂ ਉਪਲੱਬਧ ਹੋਣਗੀਆਂ। ਸਿਵਲ ਸਰਜਨ ਡਾ. ਅਮਨ ਸੂਦ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਖੇਤਰ ਨੂੰ ਤਰਜੀਹ ਦਿੰਦਿਆਂ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚਰਨਜੀਤ ਕੁਮਾਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਰਾਜ ਕੁਮਾਰ ਹੰਸ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।