ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਜ਼ਿਲ੍ਹਾ ਵਿਜੀਲੈਂਸ ਵਲੋਂ ‘ਇਮਾਨਦਾਰੀ ਤੋਂ ਖੁਸ਼ਹਾਲੀ’ ਵਿਸ਼ੇ ’ਤੇ ਸੈਮੀਨਾਰ
ਰਾਹੋਂ, 29 ਅਕਤੂਬਰ (ਉਂਕਾਰ ਸਿੰਘ ਰਾਠੋਰ)-ਦੋਆਬਾ ਗਰੁੱਪ ਆਫ਼ ਕਾਲਜਿਜ਼ ਰਾਹੋਂ ਵਿਖੇ ਇਮਾਨਦਾਰੀ ਤੋਂ ਖੁਸ਼ਹਾਲੀ ਦੇ ਮਹੱਤਵਪੂਰਨ ਵਿਸ਼ੇ ’ਤੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ। ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਵਿਚ ਇਮਾਨਦਾਰੀ, ਨੈਤਿਕਤਾ, ਪਾਰਦਰਸ਼ਤਾ ਤੇ ਨਿੱਜੀ ਅਤੇ ਪੇਸ਼ੇਵਰ ਜੀਵਨ ਵਿਚ ਨੈਤਿਕ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।
ਰਾਹੋਂ, 29 ਅਕਤੂਬਰ (ਉਂਕਾਰ ਸਿੰਘ ਰਾਠੋਰ)-ਦੋਆਬਾ ਗਰੁੱਪ ਆਫ਼ ਕਾਲਜਿਜ਼ ਰਾਹੋਂ ਵਿਖੇ ਇਮਾਨਦਾਰੀ ਤੋਂ ਖੁਸ਼ਹਾਲੀ ਦੇ ਮਹੱਤਵਪੂਰਨ ਵਿਸ਼ੇ ’ਤੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ। ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਵਿਚ ਇਮਾਨਦਾਰੀ, ਨੈਤਿਕਤਾ, ਪਾਰਦਰਸ਼ਤਾ ਤੇ ਨਿੱਜੀ ਅਤੇ ਪੇਸ਼ੇਵਰ ਜੀਵਨ ਵਿਚ ਨੈਤਿਕ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਜ਼ਿਲ੍ਹਾ ਵਿਜੀਲੈਂਸ ਅਫ਼ਸਰ ਚਮਕੌਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਇਕ ਜ਼ਿੰਮੇਵਾਰ ਤੇ ਭ੍ਰਿਸ਼ਟਾਚਾਰ-ਮੁਕਤ ਸਮਾਜ ਦੀ ਸਿਰਜਣਾ ਵਿਚ ਇਮਾਨਦਾਰੀ ਅਤੇ ਨੈਤਿਕਤਾ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣ, ਆਪਣੇ ਅਧਿਕਾਰਾਂ ਤੇ ਫਰਜ਼ਾਂ ਪ੍ਰਤੀ ਜਾਗਰੂਕ ਰਹਿਣ ਅਤੇ ਦੇਸ਼ ਦੇ ਵਿਕਾਸ ਵਿਚ ਆਪਣਾ ਸਕਾਰਾਤਮਕ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾਇਰੈਕਟਰ ਡਾ. ਰਾਜੇਸ਼ਵਰ ਸਿੰਘ ਨੇ ਵੀ ਸੰਬੋਧਨ ਕਰਦਿਆਂ ਵਿਦਿਆਰਥੀਆਂ ਦੇ ਸਿੱਖਿਆ ਤੇ ਪੇਸ਼ੇਵਰ ਜੀਵਨ ਵਿਚ ਇਮਾਨਦਾਰੀ, ਜਵਾਬਦੇਹੀ ਤੇ ਨੈਤਿਕ ਕਦਰਾਂ-ਕੀਮਤਾਂ ਦੀ ਮਹੱਤਤਾ ’ਤੇ ਚਾਨਣਾ ਪਾਇਆ। ਸੈਮੀਨਾਰ ਦੌਰਾਨ ਫੈਕਲਟੀ ਮੈਂਬਰਾਂ ਤੇ ਵਿਦਿਆਰਥੀਆਂ ਨੇ ਸਰਗਰਮੀ ਨਾਲ ਭਾਗ ਲਿਆ ਅਤੇ ਇਮਾਨਦਾਰੀ, ਨੈਤਿਕ ਆਚਰਨ ਤੇ ਜ਼ਿੰਮੇਵਾਰ ਨਾਗਰਿਕਤਾ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਦੋਆਬਾ ਗਰੁੱਪ ਆਫ਼ ਕਾਲਜਿਜ਼ ਦੀ ਮੈਨੇਜਮੈਂਟ ਨੇ ਅਜਿਹੇ ਜਾਗਰੂਕਤਾ ਭਰਪੂਰ ਪ੍ਰੋਗਰਾਮ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਅੰਤ ਵਿਚ ਚਮਕੌਰ ਸਿੰਘ ਵਲੋਂ ਸਮੂਹ ਫੈਕਲਟੀ ਮੈਂਬਰਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਦੀ ਸਰਗਰਮ ਭਾਗੀਦਾਰੀ ਅਤੇ ਕੀਮਤੀ ਯੋਗਦਾਨ ਸਦਕਾ ਇਹ ਸੈਮੀਨਾਰ ਸਫਲਤਾਪੂਰਵਕ ਸੰਪੰਨ ਹੋਇਆ।