ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਲੋਂ ਸੀ. ਐੱਚ. ਓਜ਼ ਨਾਲ ਮਹੀਨਾਵਾਰ ਮੀਟਿੰਗ
ਨਵਾਂਸ਼ਹਿਰ, 31 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.
ਨਵਾਂਸ਼ਹਿਰ, 31 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਜ਼ਿਲ੍ਹੇ ਦੇ ਕਮਿਊਨਿਟੀ ਹੈਲਥ ਅਫ਼ਸਰਾਂ (ਸੀ. ਐੱਚ. ਓਜ਼) ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕੌਮੀ ਸਿਹਤ ਪ੍ਰੋਗਰਾਮਾਂ, ਮੁੱਢਲੀਆਂ ਸਿਹਤ ਸੇਵਾਵਾਂ ਤੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਸੀ. ਐੱਚ. ਓਜ਼ ਦੀ ਭੂਮਿਕਾ ਸਿਰਫ਼ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਤੱਕ ਸੀਮਤ ਨਹੀਂ ਹੁੰਦੀ, ਸਗੋਂ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਤੇ ਰੋਕਥਾਮ ਵਿਚ ਵੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਹੋਰ ਗੈਰ-ਸੰਚਾਰੀ ਰੋਗਾਂ ਦੀ ਸਕ੍ਰੀਨਿੰਗ, ਯੋਗ ਮਰੀਜ਼ਾਂ ਦੀ ਫਾਲੋਅਪ ਜਾਂਚ ਅਤੇ ਲੋੜ ਪੈਣ ’ਤੇ ਉੱਚ ਸਿਹਤ ਸੰਸਥਾਵਾਂ ਵਿਚ ਰੈਫਰਲ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਟੀ. ਬੀ. ਤੇ ਲੈਪਰੋਸੀ ਵਰਗੀਆਂ ਬਿਮਾਰੀਆਂ ਦੀ ਜਲਦੀ ਪਛਾਣ, ਮਰੀਜ਼ਾਂ ਦੀ ਫਾਲੋਅਪ ਤੇ ਇਲਾਜ ਪ੍ਰਤੀ ਜਾਗਰੂਕਤਾ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾਣ। ਡਾ. ਕਿਰਪਾਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਿਹਤ ਪ੍ਰੋਗਰਾਮਾਂ ਦੀ ਸਫਲਤਾ ਲਈ ਫੀਲਡ ਪੱਧਰ ’ਤੇ ਨਿਯਮਤ ਨਿਗਰਾਨੀ, ਸਹੀ ਰਿਕਾਰਡ ਤੇ ਆਸ਼ਾ ਵਰਕਰਾਂ ਤੇ ਹੋਰ ਸਿਹਤ ਕਰਮਚਾਰੀਆਂ ਨਾਲ ਬਿਹਤਰ ਤਾਲਮੇਲ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਵਰਗ ਤੱਕ ਪਹੁੰਚਯੋਗ, ਮਿਆਰੀ ਤੇ ਸਮੇਂ ਸਿਰ ਸਿਹਤ ਸੇਵਾਵਾਂ ਪਹੁੰਚਾਉਣਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਅਤੇ ਡੀਲਿੰਗ ਸਹਾਇਕ ਰਵਿੰਦਰ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।