ਐਨ.ਐਸ.ਕਿਊ.ਐਫ. ਵੋਕੇਸ਼ਨਲ ਟੀਚਰ ਫਰੰਟ ਪੰਜਾਬ ਦੇ ਜ਼ਿਲ੍ਹਾ ਨਵਾਂਸ਼ਹਿਰ ਦੇ ਅਧਿਆਪਕਾਂ ਨੇ ਮਨਾਈ ਕਾਲੀ ਦੀਵਾਲੀ
ਨਵਾਂਸ਼ਹਿਰ, 7 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਐਨ. ਐਸ.
ਨਵਾਂਸ਼ਹਿਰ, 7 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਐਨ.ਐਸ.ਕਿਊ.ਐਫ ਵੋਕੇਸ਼ਨਲ ਟੀਚਰ ਫਰੰਟ ਪੰਜਾਬ ਦੇ ਜ਼ਿਲ੍ਹਾ ਨਵਾਂਸ਼ਹਿਰ ਦੇ ਅਧਿਆਪਕ ਸਾਥੀਆਂ ਵੱਲੋਂ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਰੋਸ ਵਜੋਂ ਕਾਲੇ ਝੰਡੇ ਲਹਿਰਾ ਕੇ ਕਾਲੀ ਦੀਵਾਲੀ ਮਨਾਈ ਗਈ। ਇਸ ਮੌਕੇ ਫਰੰਟ ਦੇ ਮੈਂਬਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਪੰਜ ਸਾਲਾਂ ਦੌਰਾਨ ਮੁਲਾਜ਼ਮਾਂ ਨਾਲ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਅਧਿਆਪਕਾਂ ਨੂੰ ਉਮੀਦ ਸੀ ਕਿ ਦੀਵਾਲੀ ਦੇ ਮੌਕੇ ਸਰਕਾਰ ਉਨ੍ਹਾਂ ਨੂੰ ਕੋਈ ਖੁਸ਼ਖਬਰੀ ਦੇਵੇਗੀ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਨੌਕਰੀ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਤਨਖ਼ਾਹਾਂ ਵਿੱਚ ਵਾਧਾ ਕਰਨ ਸਬੰਧੀ ਕੋਈ ਠੋਸ ਫ਼ੈਸਲਾ ਲਿਆ ਜਾਵੇਗਾ, ਪਰ ਅਧਿਆਪਕਾਂ ਦੇ ਹੱਥ ਸਿਰਫ਼ ਨਿਰਾਸ਼ਾ ਹੀ ਲੱਗੀ ਹੈ। ਫਰੰਟ ਦੇ ਆਗੂਆਂ ਨੇ ਦੱਸਿਆ ਕਿ ਹੁਣ ਤੱਕ ਸਰਕਾਰ ਅਤੇ ਸਿੱਖਿਆ ਵਿਭਾਗ ਨਾਲ ਲਗਪਗ 18 ਮੀਟਿੰਗਾਂ ਅਤੇ ਸਬ-ਕਮੇਟੀ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਹਰ ਵਾਰ ਭਰੋਸੇ ਅਤੇ ਲਾਰਿਆਂ ਤੋਂ ਇਲਾਵਾ ਕੋਈ ਠੋਸ ਹੱਲ ਸਾਹਮਣੇ ਨਹੀਂ ਆਇਆ। ਇਸੇ ਕਾਰਨ ਅਧਿਆਪਕਾਂ ਨੇ ਦੀਵਾਲੀ ਵਰਗੇ ਖੁਸ਼ੀ ਦੇ ਤਿਉਹਾਰ ਮੌਕੇ ਵੀ ਕਾਲੇ ਝੰਡੇ ਹੱਥਾਂ ਵਿੱਚ ਫੜ੍ਹ ਕੇ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟ ਕੀਤਾ। ਅੰਤ ਵਿੱਚ ਫਰੰਟ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਅਧਿਆਪਕਾਂ ਦੀਆਂ ਮੰਗਾਂ ਦਾ ਜਲਦ ਕੋਈ ਠੋਸ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਫਰੰਟ ਵੱਲੋਂ ਤਿੱਖਾ ਸੰਘਰਸ਼ ਅਤੇ ਅਗਲੇ ਐਕਸ਼ਨ ਉਲੀਕੇ ਜਾਣਗੇ। ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਹੋਵੇਗੀ।