ਔੜ ’ਚ ਸੜਕ ’ਤੇ ਨਾਜਾਇਜ਼ ਕਬਜ਼ਿਆਂ ਕਾਰਨ ਰਾਹਗੀਰ ਪ੍ਰੇਸ਼ਾਨ
ਔੜ, 22 ਨਵੰਬਰ (ਗੁਰਨਾਮ ਸਿੰਘ ਸੈਣੀ)- ਔੜ ਕਸਬੇ ਦੇ ਮੇਨ ਬਜ਼ਾਰ ਵਿੱਚ ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਬਾਹਰ ਫੁੱਟਪਾਥਾਂ ਅਤੇ ਸੜਕ ਦੇ ਹਿੱਸੇ ’ਤੇ ਸਮਾਨ ਰੱਖ ਕੇ ਕੀਤੇ ਜਾ ਰਹੇ ਨਾਜਾਇਜ਼ ਕਬਜ਼ਿਆਂ ਕਾਰਨ ਆਮ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫੁੱਟਪਾਥਾਂ ’ਤੇ ਸਮਾਨ ਰੱਖੇ ਹੋਣ ਕਾਰਨ ਪੈਦਲ ਚੱਲਣ ਵਾਲੇ ਲੋਕਾਂ ਨੂੰ ਸੜਕ ’ਤੇ ਆ ਕੇ ਲੰਘਣਾ ਪੈਂਦਾ ਹੈ, ਜਿਸ ਕਾਰਨ ਹਰ ਸਮੇਂ ਹਾਦਸਾ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ।
ਔੜ, 22 ਨਵੰਬਰ (ਗੁਰਨਾਮ ਸਿੰਘ ਸੈਣੀ)- ਔੜ ਕਸਬੇ ਦੇ ਮੇਨ ਬਜ਼ਾਰ ਵਿੱਚ ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਬਾਹਰ ਫੁੱਟਪਾਥਾਂ ਅਤੇ ਸੜਕ ਦੇ ਹਿੱਸੇ ’ਤੇ ਸਮਾਨ ਰੱਖ ਕੇ ਕੀਤੇ ਜਾ ਰਹੇ ਨਾਜਾਇਜ਼ ਕਬਜ਼ਿਆਂ ਕਾਰਨ ਆਮ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫੁੱਟਪਾਥਾਂ ’ਤੇ ਸਮਾਨ ਰੱਖੇ ਹੋਣ ਕਾਰਨ ਪੈਦਲ ਚੱਲਣ ਵਾਲੇ ਲੋਕਾਂ ਨੂੰ ਸੜਕ ’ਤੇ ਆ ਕੇ ਲੰਘਣਾ ਪੈਂਦਾ ਹੈ, ਜਿਸ ਕਾਰਨ ਹਰ ਸਮੇਂ ਹਾਦਸਾ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ। ਸਥਾਨਕ ਲੋਕਾਂ ਅਨੁਸਾਰ ਕਈ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦਾ ਸਮਾਨ ਫੁੱਟਪਾਥਾਂ ਤੋਂ ਅੱਗੇ ਤੱਕ ਰੱਖ ਦਿੱਤਾ ਜਾਂਦਾ ਹੈ, ਜਿਸ ਨਾਲ ਜਨਤਕ ਰਸਤਾ ਸੁੰਗੜ ਜਾਂਦਾ ਹੈ। ਇਸ ਕਾਰਨ ਬਾਜ਼ਾਰ ਵਿੱਚ ਆਵਾਜਾਈ ਦੌਰਾਨ ਵਾਹਨ ਚਾਲਕਾਂ ਅਤੇ ਪੈਦਲ ਰਾਹਗੀਰਾਂ ਨੂੰ ਇਕੱਠੇ ਲੰਘਣ ਵਿੱਚ ਦਿੱਕਤ ਆਉਂਦੀ ਹੈ। ਖਾਸ ਕਰਕੇ ਬਜ਼ੁਰਗਾਂ, ਬੱਚਿਆਂ ਅਤੇ ਮਹਿਲਾਵਾਂ ਨੂੰ ਸੜਕ ’ਤੇ ਚੱਲਣ ਲਈ ਮਜ਼ਬੂਰ ਹੋਣਾ ਪੈਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਬਾਜ਼ਾਰ ਵਿੱਚ ਪਹਿਲਾਂ ਹੀ ਵਾਹਨਾਂ ਦੀ ਆਵਾਜਾਈ ਵਧੇਰੇ ਰਹਿੰਦੀ ਹੈ ਅਤੇ ਸੜਕਾਂ ’ਤੇ ਸਮਾਨ ਰੱਖਣ ਕਾਰਨ ਹਾਲਾਤ ਹੋਰ ਵੀ ਗੰਭੀਰ ਹੋ ਜਾਂਦੇ ਹਨ। ਕਈ ਵਾਰ ਵਾਹਨਾਂ ਨੂੰ ਰਸਤਾ ਦੇਣ ਸਮੇਂ ਪੈਦਲ ਰਾਹਗੀਰਾਂ ਲਈ ਖਤਰਾ ਪੈਦਾ ਹੋ ਜਾਂਦਾ ਹੈ। ਲੋਕਾਂ ਨੇ ਕਿਹਾ ਕਿ ਜੇਕਰ ਸਮੇਂ ਸਿਰ ਇਨ੍ਹਾਂ ਕਬਜ਼ਿਆਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਕੋਈ ਗੰਭੀਰ ਹਾਦਸਾ ਵਾਪਰ ਸਕਦਾ ਹੈ। ਇਲਾਕਾ ਨਿਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਔੜ ਦੇ ਬਜ਼ਾਰ ਵਿੱਚ ਸੜਕਾਂ ਅਤੇ ਫੁੱਟਪਾਥਾਂ ’ਤੇ ਕੀਤੇ ਜਾ ਰਹੇ ਨਾਜਾਇਜ਼ ਕਬਜ਼ਿਆਂ ਦਾ ਗੰਭੀਰਤਾ ਨਾਲ ਨੋਟਿਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਦੁਕਾਨਾਂ ਅੱਗੇ ਪਿਆ ਸਮਾਨ ਹਟਵਾ ਕੇ ਰਾਹਗੀਰਾਂ ਲਈ ਫੁੱਟਪਾਥ ਖੁੱਲ੍ਹੇ ਕਰਵਾਏ ਜਾਣ ਅਤੇ ਆਵਾਜਾਈ ਵਿੱਚ ਰੁਕਾਵਟ ਪੈਦਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਰਾਹਤ ਮਿਲਣ ਦੇ ਨਾਲ-ਨਾਲ ਸੰਭਾਵਿਤ ਹਾਦਸਿਆਂ ਨੂੰ ਵੀ ਰੋਕਿਆ ਜਾ ਸਕੇ।