ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵਲੋਂ ਪੋਸ਼ਣ ਅਤੇ ਭਲਾਈ ਸਕੀਮਾਂ ਦੀ ਸਮੀਖਿਆ
ਅਜੀਤ ਡੈਸਕ
01-01-2026
ਚੇਅਰਮੈਨ ਸ਼ਰਮਾ ਨੇ ਨੈਸ਼ਨਲ ਫੂਡ ਸਕਿਉਰਿਟੀ ਐਕਟ 2013 ਨੂੰ ਮੂਲ ਭਾਵਨਾ ਨਾਲ ਲਾਗੂ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਐਕਟ ਦੇ ਨਿਯਮਾਂ ਨੂੰ ਡੂੰਘਾਈ ਨਾਲ ਸਮਝਣਾ ਅਤੇ ਅਮਲ ਵਿਚ ਲਿਆਉਣਾ ਲਾਜ਼ਮੀ ਹੈ | ਉਨ੍ਹਾਂ ਨੇ ਫ਼ਤਹਿਗੜ੍ਹ ਸਾਹਿਬ ਦੇ ਸਕੂਲਾਂ ਵਿਚ 'ਧੂੰਆਂ ਰਹਿਤ ਰਸੋਈ' ਵਿਕਸਿਤ ਕਰਨ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਸੁਝਾਅ ਦਿੱਤਾ ਕਿ ਮਿਡ-ਡੇਅ-ਮੀਲ ਦੀ ਪੌਸ਼ਟਿਕਤਾ ਵਧਾਉਣ ਲਈ ਸੈੱਲਫ਼ ਹੈਲਪ ਗਰੁੱਪਾਂ ਵਲੋਂ ਤਿਆਰ ਕੀਤੇ ਗਏ, ਸ਼ੁੱਧ ਅਤੇ ਪੌਸ਼ਟਿਕ ਉਤਪਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾਵੇ | ਉਨ੍ਹਾਂ ਨੇ ਬੱਚਿਆਂ 'ਚ ਖ਼ੂਨ ਦੀ ਘਾਟ (ਅਨੀਮੀਆ) ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਖ਼ੁਰਾਕ ਵਿਚ ਹਰੀਆਂ ਪੱਤੇਦਾਰ ਸਬਜ਼ੀਆਂ ਦੀ ਮਾਤਰਾ ਵਧਾਉਣ ਦੇ ਨਿਰਦੇਸ਼ ਦਿੱਤੇ ਗਏ | ਇਸ ਦੇ ਨਾਲ ਹੀ, ਭੋਜਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੁੱਕ-ਕਮ-ਹੈਲਪਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਭੋਜਨ ਤਿਆਰ ਕਰਨ ਦੀ ਮੁੱਢਲੀ ਹਾਈਜੀਨ (ਸਾਫ਼-ਸਫ਼ਾਈ) ਬਾਰੇ ਵਿਸ਼ੇਸ਼ ਸਿਖਲਾਈ ਦੇਣ ਲਈ ਵੀ ਕਿਹਾ ਗਿਆ, ਤਾਂ ਜੋ ਬੱਚਿਆਂ ਨੂੰ ਮਿਲਣ ਵਾਲਾ ਖਾਣਾ ਪੂਰੀ ਤਰ੍ਹਾਂ ਸਿਹਤਮੰਦ ਹੋਵੇ | ਚੇਅਰਮੈਨ ਸ਼ਰਮਾ ਨੇ ਸਪਸ਼ਟ ਕੀਤਾ ਕਿ ਸਕੂਲੀ ਬੱਚਿਆਂ ਦੇ ਖਾਣੇ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ | ਉਨ੍ਹਾਂ ਅਨਾਜ ਦੇ ਭੰਡਾਰ ਅਤੇ ਵੰਡ ਪ੍ਰਣਾਲੀ ਦੀ ਨਿਯਮਿਤ ਜਾਂਚ ਕਰਨ ਦੇ ਆਦੇਸ਼ ਦਿੱਤੇ | ਸਕੂਲਾਂ ਅਤੇ ਆਂਗਣਵਾੜੀਆਂ ਵਿਚ ਤਾਜ਼ੀਆਂ ਸਬਜ਼ੀਆਂ ਦੀ ਉਪਲਬਧਤਾ ਲਈ 'ਪੋਸ਼ਣ ਬਾਗ' ਲਗਾਉਣ 'ਤੇ ਜ਼ੋਰ ਦਿੱਤਾ ਗਿਆ | ਜੰਗਲਾਤ ਅਤੇ ਬਾਗ਼ਬਾਨੀ ਵਿਭਾਗ ਨੂੰ ਸਕੂਲਾਂ ਵਿਚ ਫਲਦਾਰ ਅਤੇ ਅÏਸ਼ਧੀ ਪੌਦੇ ਲਗਾਉਣ ਲਈ ਸਹਿਯੋਗ ਕਰਨ ਦੀ ਹਦਾਇਤ ਕੀਤੀ ਗਈ | ਬਾਲ ਮੁਕੰਦ ਸ਼ਰਮਾ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਕੂਲ ਸਿਹਤ ਪ੍ਰੋਗਰਾਮਾਂ ਤਹਿਤ ਬੱਚਿਆਂ ਦੀ ਨਿਯਮਿਤ ਸਿਹਤ ਜਾਂਚ, ਸਾਫ਼ ਪੀਣ ਵਾਲਾ ਪਾਣੀ ਅਤੇ ਪਖਾਨਿਆਂ ਦੀ ਸਫ਼ਾਈ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ | ਉਨ੍ਹਾਂ ਵਲੋਂ ਸਾਰੇ ਵਿਭਾਗਾਂ ਨੂੰ ਇਕ ਮਜ਼ਬੂਤ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਯੋਜਨਾਵਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪਹੁੰਚ ਸਕੇ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹੇ ਵਿਚ ਖ਼ੁਰਾਕ ਸੁਰੱਖਿਆ ਅਤੇ ਪੋਸ਼ਣ ਸਬੰਧੀ ਸਕੀਮਾਂ ਦੇ ਲਾਭ ਪਾਰਦਰਸ਼ੀ ਢੰਗ ਨਾਲ ਪਹੁੰਚਾਏ ਜਾ ਰਹੇ ਹਨ | ਇਸ ਮੌਕੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ (ਰਾਸ਼ਨ), ਜ਼ਿਲ੍ਹਾ ਪ੍ਰੋਗਰਾਮ ਅਫ਼ਸਰ (ਆਂਗਣਵਾੜੀ), ਸਿੱਖਿਆ ਵਿਭਾਗ (ਮਿਡ-ਡੇਅ-ਮੀਲ), ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਬਾਗ਼ਬਾਨੀ ਅਤੇ ਜੰਗਲਾਤ, ਆਯੁਰਵੈਦਿਕ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ |