ਫ਼ਤਹਿਗੜ੍ਹ ਸਾਹਿਬ, 1 ਜਨਵਰੀ (ਮਨਪ੍ਰੀਤ ਸਿੰਘ)-ਨਵੇਂ ਸਾਲ ਦੀ ਆਮਦ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵਲੋਂ ਅੱਜ ਬੱਚਤ ਭਵਨ ਵਿਖੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇਕ ਵਿਸ਼ੇਸ਼ ਮਿਲਣੀ ਕੀਤੀ ਗਈ | ਇਸ ਮੌਕੇ ਉਨ੍ਹਾਂ ਨੇ ਸਾਰਿਆਂ ਨਾਲ ਚਾਹ ਦਾ ਕੱਪ ਸਾਂਝਾ ਕਰਦਿਆਂ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਅਤੇ ਆਉਣ ਵਾਲੇ ਸਮੇਂ ਲਈ ਆਪਣੀਆਂ ਸ਼ੁੱਭਕਾਮਨਾਵਾਂ ਵੀ ਸਾਂਝੀਆਂ ਕੀਤੀਆਂ | ਡਾ. ਸੋਨਾ ਥਿੰਦ ਨੇ ਪਿਛਲੇ ਸਾਲ ਦੌਰਾਨ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਲੋਕ ਹਿਤ ਕਾਰਜਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਸਟਾਫ਼ ਦੀ ਮਿਹਨਤ ਦੀ ਸ਼ਲਾਘਾ ਕੀਤੀ | ਉਨ੍ਹਾਂ ਸਟਾਫ਼ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਵਾਂ ਸਾਲ ਨਵੀਂ ਊਰਜਾ ਲੈ ਕੇ ਆਉਂਦਾ ਹੈ ਇਸ ਲਈ ਸਾਨੂੰ ਚਾਹੀਦਾ ਹੈ ਕਿ ਅਸੀਂ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਆਮ ਜਨਤਾ ਦੀ ਭਲਾਈ ਲਈ ਵਚਨਬੱਧ ਰਹੀਏ | ਡਿਪਟੀ ਕਮਿਸ਼ਨਰ ਨੇ ਸਮੂਹ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਚੰਗੀ ਸਿਹਤ ਅਤੇ ਸੁਖਾਵੇਂ ਭਵਿੱਖ ਦੀ ਕਾਮਨਾ ਕੀਤੀ | ਇਸ ਦੌਰਾਨ ਕੁਝ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਮਨ-ਪਰਚਾਵੇ ਵਜੋਂ ਉਸਾਰੂ ਗੀਤ ਵੀ ਪੇਸ਼ ਕੀਤੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਐੱਸ.ਡੀ.ਐੱਮ ਫ਼ਤਹਿਗੜ੍ਹ ਸਾਹਿਬ ਸੂਬਾ ਸਿੰਘ, ਐੱਸ.ਡੀ.ਐੱਮ ਅਮਲੋਹ ਚੇਤਨ ਬੰਗੜ, ਐੱਸ.ਡੀ.ਐੱਮ ਖਮਾਣੋਂ ਮਨਰੀਤ ਰਾਣਾ, ਐੱਸ.ਡੀ.ਐੱਮ ਬਸੀ ਪਠਾਣਾ ਹਰਵੀਰ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ | ਇਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਨਵੇਂ ਸਾਲ ਵਿਚ ਹੋਰ ਵੀ ਵਧੇਰੇ ਉਤਸ਼ਾਹ ਨਾਲ ਆਪਣੀ ਡਿਊਟੀ ਨਿਭਾਉਣਗੇ |