ਫ਼ਤਹਿਗੜ੍ਹ ਸਾਹਿਬ, 2 ਜਨਵਰੀ (ਬਲਜਿੰਦਰ ਸਿੰਘ)-ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ, ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਪੈਂਦੇ ਬੋਰਵੈੱਲਾਂ ਤੇ ਟਿਊਬਵੈੱਲਾਂ ਦੀ ਉਸਾਰੀ, ਮੁਰੰਮਤ ਕਰਨ ਸਮੇਂ ਜ਼ਿਲ੍ਹਾ ਮੈਜਿਸਟਰੇਟ, ਸਰਪੰਚ, ਗਰਾਮ ਪੰਚਾਇਤ, ਨਗਰ ਕੌਂਸਲ ਤੇ ਜਨ ਸਿਹਤ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕੀਤਾ ਜਾਵੇ | ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੇਂਡੂ ਖੇਤਰਾਂ ਲਈ ਡਰਿੱਲਿੰਗ ਏਜੰਸੀਆਂ ਦਾ ਜ਼ਿਲ੍ਹੇ ਦੇ ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪਾਸੋਂ ਅਤੇ ਸ਼ਹਿਰੀ ਖੇਤਰ ਲਈ ਸੰਬੰਧਿਤ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਦੇ ਦਫ਼ਤਰ ਪਾਸੋਂ ਰਜਿਸਟਰ ਹੋਣਾ ਜ਼ਰੂਰੀ ਹੈ ਅਤੇ ਉਸਾਰੀ ਵਾਲੀ ਥਾਂ 'ਤੇ ਡਰਿੱਲਿੰਗ ਏਜੰਸੀ ਖੁਦਾਏ ਜਾਣ ਵਾਲੇ ਖੂਹ ਦੇ ਮਾਲਕ ਦੇ ਪੂਰੇ ਪਤੇ ਦਾ ਸਾਈਨ ਬੋਰਡ ਲਗਾਇਆ ਜਾਵੇ | ਬੋਰਵੈਲ ਦੇ ਆਲੇ-ਦੁਆਲੇ ਕੰਡਿਆਲੀ ਤਾਰ ਲਗਾਈ ਜਾਵੇ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨਟ-ਬੋਲਟ ਬੰਦ ਕਰ ਕੇ ਕਵਰ ਕਰ ਕੇ ਰੱਖਿਆ ਜਾਵੇ | ਪੇਂਡੂ ਇਲਾਕੇ ਵਿਚ ਸਰਪੰਚ, ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ਵਿਚ ਜੂਨੀਅਰ ਇੰਜੀਨੀਅਰ, ਕਾਰਜਕਾਰੀ ਅਧਿਕਾਰੀ, ਜਨ ਸਿਹਤ ਵਿਭਾਗ, ਨਗਰ ਕੌਂਸਲ ਵਲੋਂ ਹਰ ਮਹੀਨੇ ਰਿਪੋਰਟ ਤਿਆਰ ਕੀਤੀ ਜਾਵੇਗੀ ਕਿ ਉਨ੍ਹਾਂ ਦੇ ਖੇਤਰ ਵਿਚ ਕਿੰਨੇ ਬੋਰਵੈੱਲਾਂ/ਖੂਹ ਨਵੇਂ ਖੁਦਵਾਏ ਗਏ, ਕਿੰਨਿਆਂ ਦੀ ਮੁਰੰਮਤ ਕਰਵਾਈ ਗਈ, ਕਿੰਨੇ ਵਰਤੋਂ ਵਿਚ ਹਨ, ਕਿੰਨੇ ਬਿਨਾਂ ਵਰਤੋਂ ਖ਼ਾਲੀ ਪਏ ਹਨ ਅਤੇ ਕਿੰਨੇ ਭਰਵਾਏ ਗਏ ਹਨ | ਉਨ੍ਹਾਂ ਵਲੋਂ ਇਹ ਰਿਪੋਰਟ ਹਰ ਮਹੀਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫ਼ਤਹਿਗੜ੍ਹ ਸਾਹਿਬ ਨੂੰ ਭੇਜੀ ਜਾਵੇਗੀ, ਜੋ ਕਿ ਮੁਕੰਮਲ ਰਿਕਾਰਡ ਦੀ ਸਾਂਭ ਸੰਭਾਲ ਕਰਨਗੇ | ਇਹ ਹੁਕਮ ਜ਼ਿਲ੍ਹੇ ਵਿਚ 28 ਫਰਵਰੀ, 2026 ਤੱਕ ਲਾਗੂ ਰਹਿਣਗੇ |