ਮੰਡੀ ਗੋਬਿੰਦਗੜ੍ਹ, 3 ਜਨਵਰੀ (ਇਕਬਾਲਦੀਪ ਸੰਧੂ)-ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਇਸ ਲੜੀ ਤਹਿਤ ਮੰਡੀ ਗੋਬਿੰਦਗੜ੍ਹ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਇਕ ਮਹਿਲਾ ਤਸਕਰ ਵਿਰੁੱਧ ਕਾਰਵਾਈ ਕਰਦੇ ਹੋਏ, ਐੱਸ.ਡੀ.ਮਾਡਲ ਸਕੂਲ ਨਜ਼ਦੀਕ ਸਥਿਤ ਉਕਤ ਮਹਿਲਾ ਨਸ਼ਾ ਤਸਕਰ ਵਲੋਂ ਕੀਤੀ ਗਈ ਨਜਾਇਜ਼ ਉਸਾਰੀ ਨੂੰ ਢਾਹ ਦਿੱਤਾ ਗਿਆ | ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਸ ਕਾਰਵਾਈ ਦੀ ਅਗਵਾਈ ਐੱਸ.ਪੀ. (ਪੀ.ਬੀ.ਆਈ.) ਜਸਕੀਰਤ ਅਹੀਰ ਤੇ ਡੀ.ਐੱਸ.ਪੀ. ਅਮਲੋਹ ਗੁਰਦੀਪ ਸਿੰਘ ਵਲੋਂ ਕੀਤੀ ਗਈ | ਉਨ੍ਹਾਂ ਨਾਲ ਭਾਰੀ ਪੁਲਿਸ ਫੋਰਸ ਅਤੇ ਨਗਰ ਕੌਂਸਲ ਦੇ ਅਧਿਕਾਰੀ ਮੌਜੂਦ ਸਨ | ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਨਗਰ ਕੌਂਸਲ ਵਲੋਂ ਦਿੱਤੀ ਗਈ ਰਿਪੋਰਟ ਦੇ ਆਧਾਰ 'ਤੇ ਕੀਤੀ ਗਈ ਹੈ, ਜਿਸ ਵਿਚ ਉਸਾਰੀ ਨੂੰ ਨਿਯਮਾਂ ਦੇ ਵਿਰੁੱਧ ਅਤੇ ਨਜਾਇਜ਼ ਪਾਇਆ ਗਿਆ ਸੀ | ਉਨ੍ਹਾਂ ਦੱਸਿਆ ਕਿ ਸਿਮਰਨ ਨਾਂ ਦੀ ਇਸ ਮਹਿਲਾ ਤਸਕਰ ਵਿਰੁੱਧ ਪਹਿਲਾਂ ਹੀ ਨਸ਼ਾ ਤਸਕਰੀ ਦੇ ਗੰਭੀਰ ਦੋਸ਼ਾਂ ਹੇਠ ਐਨ.ਡੀ.ਪੀ.ਐੱਸ. ਐਕਟ ਤਹਿਤ ਐੱਫ.ਆਈ.ਆਰਾਂ. ਦਰਜ ਹਨ | ਇਸ ਮੌਕੇ ਐੱਸ.ਪੀ. ਅਹੀਰ ਨੇ ਸਪਸ਼ਟ ਸ਼ਬਦਾਂ ਵਿਚ ਚੇਤਾਵਨੀ ਦਿੱਤੀ ਕਿ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਮਾੜੇ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਲੋਂ ਨਜਾਇਜ਼ ਕਮਾਈ ਨਾਲ ਬਣਾਈਆਂ ਜਾਇਦਾਦਾਂ ਅਤੇ ਉਸਾਰੀਆਂ ਵਿਰੁੱਧ ਅਜਿਹੀ ਕਾਰਵਾਈ ਭਵਿੱਖ ਵਿਚ ਵੀ ਜਾਰੀ ਰਹੇਗੀ | ਪੁਲਿਸ ਦੀ ਇਸ ਕਾਰਵਾਈ ਨਾਲ ਆਮ ਲੋਕਾਂ ਨੇ ਪੁਲਿਸ ਤੇ ਪ੍ਰਸ਼ਾਸਨ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ |