ਫ਼ਤਹਿਗੜ੍ਹ ਸਾਹਿਬ/ਖਮਾਣੋਂ, 3 ਜਨਵਰੀ (ਬਲਜਿੰਦਰ ਸਿੰਘ, ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਅਤੇ ਜਸਵੰਤ ਸਿੰਘ ਮੰਡੋਫਲ ਵਲੋਂ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਗਈ | ਇਸ ਮਿਲਣੀ ਦੌਰਾਨ ਜਿੱਥੇ ਉਕਤ ਆਗੂਆਂ ਵਲੋਂ ਬਾਦਲ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਗਈ, ਉੱਥੇ ਹੀ ਉਨ੍ਹਾਂ ਨਾਲ ਹਲਕਾ ਫ਼ਤਹਿਗੜ੍ਹ ਸਾਹਿਬ ਦੀਆਂ ਸਿਆਸੀ ਗਤੀਵਿਧੀਆਂ ਬਾਰੇ ਚਰਚਾ ਕੀਤੀ ਗਈ | ਇਸ ਮੌਕੇ ਜਥੇਦਾਰ ਰਿਆ ਨੇ ਕਿਹਾ ਕਿ ਲੰਘੀਆਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਕੀਤੀ ਗਈ ਮਿਹਨਤ ਸਦਕਾ ਪਾਰਟੀ ਬੂਥ ਪੱਧਰ 'ਤੇ ਇਕ ਮਜ਼ਬੂਤ ਧਿਰ ਵਜੋਂ ਉੱਭਰ ਕੇ ਸਾਹਮਣੇ ਆਈ ਹੈ | ਜਿਸ ਦੇ ਚੰਗੇ ਨਤੀਜੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸਾਹਮਣੇ ਆਉਣਗੇ | ਇਸ ਮੌਕੇ ਜਥੇਦਾਰ ਮਕਾਰੋਂਪੁਰ ਨੇ ਕਿਹਾ ਕਿ ਪਾਰਟੀ ਪ੍ਰਧਾਨ ਬਾਦਲ ਦੇ ਦਿਸ਼ਾ ਨਿਰਦੇਸ਼ ਹੇਠ ਪਾਰਟੀ ਵਿਚ ਨਵੀਂ ਰੂਹ ਫੂਕਣ ਲਈ ਬੂਥ ਪੱਧਰ 'ਤੇ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾ ਰਿਹਾ ਹੈ | ਤਾਂ ਜੋ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੇ ਉਮੀਦਵਾਰ ਵੱਡੇ ਬਹੁਮਤ ਨਾਲ ਜਿੱਤ ਪ੍ਰਾਪਤ ਕਰ ਸਕਣ ਅਤੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਸਰਕਾਰ ਬਣਾਈ ਜਾ ਸਕੇ |