ਸਨੌਰ, 3 ਜਨਵਰੀ (ਸੋਖਲ)-ਸਨੌਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੀ ਘਟਨਾ ਨੂੰ ਲੈ ਕੇ ਸਿਆਸੀ ਤੇ ਸਮਾਜਿਕ ਹਲਕਿਆਂ ਵਿਚ ਗਹਿਰਾ ਰੋਸ ਵੇਖਣ ਨੂੰ ਮਿਲ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਉਨ੍ਹਾਂ ਅੱਜ ਗੁਰਦੁਆਰਾ ਸ੍ਰੀ ਸਿੰਘ ਸਭਾ ਸਨੌਰ ਵਿਖੇ ਸਮੂਹ ਪ੍ਰਬੰਧਕ ਕਮੇਟੀ ਅਤੇ ਪ੍ਰਧਾਨ ਗੁਰਮੇਲ ਸਿੰਘ ਨਾਲ ਇਸ ਮੰਦਭਾਗੀ ਘਟਨਾ ਪ੍ਰਤੀ ਗਹਿਰਾ ਦੁੱਖ ਪ੍ਰਗਟ ਕੀਤਾ | ਸ਼ੈਰੀ ਰਿਆੜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੀ ਹਰ ਕਿਸਮ ਦੀ ਬੇਅਦਬੀ ਸਿੱਖ ਕੌਮ ਹੀ ਨਹੀਂ, ਸਗੋਂ ਸਮੂਹ ਮਨੁੱਖਤਾ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ | ਅਜਿਹੀਆਂ ਘਟਨਾਵਾਂ ਕਿਸੇ ਵੀ ਕੀਮਤ 'ਤੇ ਬਰਦਾਸ਼ਤਯੋਗ ਨਹੀਂ ਹਨ ਅਤੇ ਦੋਸ਼ੀਆਂ ਖ਼ਿਲਾਫ਼ ਕੜੀ ਤੋਂ ਕੜੀ ਕਾਰਵਾਈ ਹੋਣੀ ਚਾਹੀਦੀ ਹੈ | ਉਨ੍ਹਾਂ ਨੇ ਵਕੀਲ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਘਿਨੌਣੇ ਅਪਰਾਧ ਵਿਚ ਸ਼ਾਮਿਲ ਦੋਸ਼ੀ ਦਾ ਕੋਈ ਵੀ ਵਕੀਲ ਪੱਖ ਨਾ ਲਵੇ | ਸ਼ੈਰੀ ਰਿਆੜ ਨੇ ਕਿਹਾ ਕਿ ਕਾਨੂੰਨ ਦਾ ਪੇਸ਼ਾ ਇਨਸਾਫ਼ ਨਾਲ ਜੁੜਿਆ ਹੋਇਆ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਦੋਸ਼ੀ ਨੂੰ ਕਾਨੂੰਨੀ ਸਹਾਰਾ ਦੇਣਾ ਨੈਤਿਕ ਤੌਰ 'ਤੇ ਗਲਤ ਹੈ | ਸੀਨੀਅਰ ਕਾਂਗਰਸੀ ਆਗੂ ਨੇ ਦੱਸਿਆ ਕਿ ਬੀਤੇ ਦਿਨੀਂ ਦੋਸ਼ੀ ਦੀ ਜ਼ਮਾਨਤ ਲਈ ਇਕ ਵਕੀਲ ਵਲੋਂ ਅਰਜ਼ੀ ਲਗਾਈ ਗਈ ਸੀ, ਪਰ ਅਦਾਲਤ ਨੇ ਉਸ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ | ਸ਼ੈਰੀ ਰਿਆੜ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਇਸ ਨਾ-ਬਖਸ਼ਣਯੋਗ ਅਪਰਾਧ ਲਈ ਇੱਕ ਵੱਖਰਾ ਕਾਨੂੰਨ ਬਣਾਇਆ ਜਾਵੇ ਅਤੇ ਮਾਮਲੇ ਦੀ ਨਿਰਪੱਖ ਤੇ ਤੇਜ਼ ਜਾਂਚ ਯਕੀਨੀ ਬਣਾਈ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਅਕਤੀ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਾਨ ਅਤੇ ਮਰਿਆਦਾ ਦੀ ਰੱਖਿਆ ਲਈ ਸਮੂਹ ਸਮਾਜ ਨੂੰ ਇਕਜੁੱਟ ਹੋ ਕੇ ਅੱਗੇ ਆਉਣਾ ਚਾਹੀਦਾ ਹੈ |