ਫ਼ਤਹਿਗੜ੍ਹ ਸਾਹਿਬ, 4 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਹੈਰਾਨੀ ਪ੍ਰਗਟਾਉਂਦਿਆਂ ਕਿਹਾ ਕਿ ਲੋਕਾਂ ਦੇ ਚੁਣੇ ਹੋਏ ਸਾਂਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਨੂੰ ਸੰਸਦ ਸੈਸ਼ਨ ਵਿਚ ਭਾਗ ਲੈਣ ਲਈ ਨਾ ਕੋਈ ਅਦਾਲਤ ਪੈਰੋਲ ਦੇ ਰਹੀ ਹੈ ਅਤੇ ਨਾ ਹੀ ਕੋਈ ਸਰਕਾਰ, ਪਰ ਦੂਜੇ ਪਾਸੇ ਜਬਰ ਜਨਾਹ ਅਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇ ਕੇ ਸਿੱਖਾਂ ਦੇ ਜ਼ਖ਼ਮਾਂ ਨੂੰ ਲੂਣ ਛਿੜਕਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਥਕ ਸੰਘਰਸ਼ ਵਿਚ ਕੁਰਬਾਨੀ ਕਰਨ ਵਾਲੇ ਜਥੇਦਾਰ ਜਗਤਾਰ ਸਿੰਘ ਹਵਾਰਾ ਆਪਣੀ ਸਜ਼ਾ ਪੁਰੀ ਕਰ ਚੁੱਕੇ ਹਨ, ਸਰਕਾਰ ਨੇ ਉਨ੍ਹਾਂ ਨੂੰ ਰਿਹਾਅ ਤਾਂ ਕੀ ਕਰਨਾ ਸੀ, ਉਨ੍ਹਾਂ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ | ਜਥੇਦਾਰ ਪੰਜੋਲੀ ਨੇ ਕਿਹਾ ਕਿ ਕੇਂਦਰ ਵਿਚ ਭਾਜਪਾ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੋਵੇਂ ਹੀ ਸਿੱਖ ਵਿਰੋਧੀ ਸਰਕਾਰਾਂ ਹਨ, ਜੋ ਸਿੱਖਾਂ ਨੂੰ ਇਨਸਾਫ਼ ਦੇਣ ਦੀ ਬਜਾਏ ਉਲਟਾ ਸਿੱਖਾਂ ਨਾਲ ਹਰ ਮਸਲੇ 'ਤੇ ਧੱਕੇਸ਼ਾਹੀ ਹੀ ਕਰ ਰਹੀਆਂ ਹਨ | ਪੰਜੋਲੀ ਨੇ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਸੰਸਦ ਮੈਂਬਰ ਨੇ ਖ਼ਾਲਸਾ ਵਹੀਰ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿੱਖੀ ਸਰੂਪ ਵਿਚ ਪਰਪੱਕ ਹੋਣ ਲਈ ਪ੍ਰੇਰਨਾ ਦਿੱਤੀ, ਜਿਸ ਦੇ ਨਤੀਜੇ ਵਜੋਂ ਬਹੁਤ ਸਾਰੇ ਨੌਜਵਾਨ ਨਸ਼ੇ ਛੱਡ, ਅੰਮਿ੍ਤ ਛੱਕ ਕੇ ਸਿੰਘ ਸਜ ਗਏ | ਉਨ੍ਹਾਂ ਨੂੰ ਪੈਰੋਲ ਕਿਉਂ ਨਹੀਂ? ਜਥੇਦਾਰ ਪੰਜੋਲੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਮੋਰਚੇ ਨੂੰ 7 ਜਨਵਰੀ ਨੂੰ ਤਿੰਨ ਸਾਲ ਪੂਰੇ ਹੋ ਜਾਣਗੇ | ਇਸ ਦਿਨ ਮੋਰਚੇ ਵਾਲੀ ਥਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਵੱਡਾ ਪੰਥਕ ਇਕੱਠ ਵੀ ਹੋਵੇਗਾ | ਉਨ੍ਹਾਂ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਆਪੋ ਆਪਣੇ ਸਾਧਨਾਂ ਰਾਹੀਂ ਇਸ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ |