ਫ਼ਤਹਿਗੜ੍ਹ ਸਾਹਿਬ, 6 ਜਨਵਰੀ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ | ਜਿਸ ਦੇ ਚੱਲਦਿਆਂ ਹੀ ਸਰਕਾਰ ਵਲੋਂ ਨੌਜਵਾਨਾਂ ਨੂੰ ਅੱਗੇ ਲਿਆਉਂਦਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਵਾਇਆ ਜਾ ਸਕੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਦੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਯੂਥ ਨੌਜਵਾਨ ਕਲੱਬ ਮੰਢੋਰ ਦੇ ਨਵੇਂ ਚੁਣੇ ਪ੍ਰਧਾਨ ਸਤਵਿੰਦਰ ਸਿੰਘ ਭੰਗੂ ਦਾ ਸਾਥੀਆਂ ਸਮੇਤ ਸਨਮਾਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਵਿਧਾਇਕ ਰਾਏ ਨੇ ਕਿਹਾ ਕਿ 'ਆਪ' ਦੀ ਸਰਕਾਰ ਵਲੋਂ ਨੌਜਵਾਨ ਵਰਗ ਦੀ ਤਰੱਕੀ ਲਈ ਵਿਸ਼ੇਸ਼ ਤੌਰ 'ਤੇ ਕਾਰਜ ਕੀਤੇ ਜਾ ਰਹੇ ਹਨ ਤੇ ਖੇਡਾਂ ਪੰਜਾਬ ਦੀਆਂ ਕਰਵਾਉਣ ਤੋਂ ਇਲਾਵਾ ਪਿੰਡਾਂ 'ਚ ਵੱਡੇ ਪੱਧਰ 'ਤੇ ਨਵੇਂ ਖੇਡ ਗਰਾੳਾੂਡ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ | ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸਹੂਲਤ ਲਈ ਪਿੰਡਾਂ 'ਚ ਜਿੰਮ ਤੇ ਪਾਰਕਾਂ ਦਾ ਨਿਰਮਾਣ ਵੀ ਕਰਵਾਇਆ ਜਾ ਰਿਹਾ ਹੈ ਤਾਂ ਜੋ ਨੌਜਵਾਨ ਵਧੀਆ ਸਿਹਤ ਤੇ ਮਾਨਸਿਕ ਸੋਚ ਦੇ ਧਾਰਨੀ ਬਣ ਸਕਣ ਤੇ ਸਰਕਾਰ ਦੁਆਰਾ ਪ੍ਰਦਾਨ ਕਰਵਾਏ ਜਾ ਰਹੇ ਰੁਜ਼ਗਾਰ ਮੌਕਿਆਂ ਨਾਲ ਜੁੜ ਸਕਣ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਲਈ ਵੀ ਵਚਨਬੱਧ ਹੈ, ਜਿਸ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ 60 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਵਾਇਆ ਗਿਆ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਰਮਨ ਖਹਿਰਾ, ਸਰਪੰਚ ਗੁਰਪ੍ਰੀਤ ਸਿੰਘ, ਪੰਚ ਗੌਰਵ ਸਿੰਘ, ਸੰਦੀਪ ਭੰਗੂ, ਅਮਨਿੰਦਰ ਸਿੰਘ, ਨਵਾਬ ਖਾਨ, ਯੂਥ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |