ਫ਼ਤਹਿਗੜ੍ਹ ਸਾਹਿਬ, 6 ਜਨਵਰੀ (ਬਲਜਿੰਦਰ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਅੱਜ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਮਹੱਤਵਪੂਰਨ ਮੀਟਿੰਗ ਹੋਈ | ਮੀਟਿੰਗ ਦੌਰਾਨ ਕਾਂਗਰਸ ਪਾਰਟੀ ਵਲੋਂ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਲਈ 10 ਜਨਵਰੀ ਨੂੰ ਰਾਜਪੁਰਾ ਵਿਖੇ ਕਰਵਾਈ ਜਾ ਰਹੀ ਮਨਰੇਗਾ ਮਜ਼ਦੂਰ ਅਧਿਕਾਰ ਯਾਤਰਾ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੁਆਰਾ ਬਣਾਏ ਗਏ ਇਸ ਕਾਲੇ ਕਾਨੂੰਨ ਦੇ ਵਿਰੋਧ ਵਿਚ ਕਾਂਗਰਸ ਵਲੋਂ 10 ਜਨਵਰੀ ਨੂੰ ਰਾਜਪੁਰਾ ਵਿਖੇ ਕਰਵਾਈ ਜਾ ਰਹੀ ਯਾਤਰਾ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸ਼ਾਮਿਲ ਹੋਵੇਗੀ | ਨਾਗਰਾ ਨੇ ਅੱਗੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਮਨਰੇਗਾ ਕਾਨੂੰਨ ਨਾਲ ਕੀਤੀ ਜਾ ਰਹੀ ਛੇੜਛਾੜ ਗ਼ਰੀਬਾਂ ਅਤੇ ਮਜ਼ਦੂਰ ਵਰਗ ਦੇ ਹੱਕਾਂ 'ਤੇ ਸਿੱਧਾ ਹਮਲਾ ਹੈ | ਇਹ ਕਾਨੂੰਨ ਮਨਰੇਗਾ ਵਰਕਰਾਂ ਨੂੰ ਰੁਜ਼ਗਾਰ ਦੇ ਅਧਿਕਾਰ ਤੋਂ ਵਾਂਝਾ ਕਰਨ ਦੀ ਇਕ ਸੋਚੀ ਸਮਝੀ ਸਾਜ਼ਿਸ਼ ਹੈ, ਜਿਸ ਨੂੰ ਕਾਂਗਰਸ ਪਾਰਟੀ ਕਿਸੇ ਵੀ ਕੀਮਤ 'ਤੇ ਸਫਲ ਨਹੀਂ ਹੋਣ ਦੇਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਇਹ ਧਰਨਾ ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਵੱਡਾ ਲੋਕ ਸੰਘਰਸ਼ ਸਾਬਤ ਹੋਵੇਗਾ | ਕਿਉਂਕਿ ਕਾਂਗਰਸ ਪਾਰਟੀ ਹਮੇਸ਼ਾ ਗ਼ਰੀਬਾਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਲੜਦੀ ਆਈ ਹੈ ਅਤੇ ਅੱਗੇ ਵੀ ਇਹ ਸੰਘਰਸ਼ ਪੂਰੀ ਤਾਕਤ ਨਾਲ ਜਾਰੀ ਰਹੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਰਾਜਪੁਰਾ ਧਰਨੇ ਵਿਚ ਪਹੁੰਚ ਕੇ ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ |