ਫ਼ਤਹਿਗੜ੍ਹ ਸਾਹਿਬ, 6 ਜਨਵਰੀ (ਬਲਜਿੰਦਰ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਵਿੱਢੀ ਗਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸਫਲਤਾਪੂਰਕ ਅੱਜ ਸਮਾਪਤ ਹੋ ਗਈ | ਇਸ ਸਬੰਧੀ ਆਯੋਜਿਤ ਇਕ ਵਿਸ਼ੇਸ਼ ਸਮਾਗਮ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਰੁਣ ਗੁਪਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਗੁਪਤਾ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਦੇ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਪ੍ਰੇਰਿਤ ਕਰਨਾ ਸੀ | ਉਨ੍ਹਾਂ ਅੱਗੇ ਦੱਸਿਆ ਕਿ ਮੁਹਿੰਮ ਦੌਰਾਨ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਵਿੱਦਿਅਕ ਅਦਾਰਿਆਂ ਵਿਚ ਸੈਮੀਨਾਰ ਅਤੇ ਜਾਗਰੂਕਤਾ ਕੈਂਪ ਲਗਾ ਕੇ ਹਜ਼ਾਰਾਂ ਨੌਜਵਾਨਾਂ ਤੱਕ ਪਹੁੰਚ ਕੀਤੀ ਗਈ | ਇਸ ਮੁਹਿੰਮ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਸਰਕਾਰੀ ਵਿਭਾਗਾਂ ਦੇ ਅਧਿਕਾਰੀ, ਜੋ ਕਿ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿਚ ਮਦਦਗਾਰ ਸਾਬਤ ਹੋਏ ਜਦਕਿ ਵਿੱਦਿਅਕ ਅਦਾਰਿਆਂ ਦੇ ਮੁਖੀ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਈ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਟੀਮ ਮੈਂਬਰਾਂ ਅਤੇ ਵਲੰਟੀਅਰ, ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਨਸ਼ਾ ਮੁਕਤੀ ਦਾ ਸੰਦੇਸ਼ ਘਰ-ਘਰ ਪਹੁੰਚਾਇਆ, ਨੂੰ ਉਨ੍ਹਾਂ ਦੀਆਂ ਇਸ ਮੁਹਿੰਮ ਤਹਿਤ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ ਪ੍ਰਸੰਸਾ ਪੱਤਰ ਦੇ ਕੇ ਨਿਵਾਜਿਆ ਗਿਆ | ਇਸ ਮੌਕੇ ਗੁਪਤਾ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਸਿਰਫ਼ ਕਾਨੂੰਨ ਰਾਹੀਂ ਸੰਭਵ ਨਹੀਂ ਹੈ, ਇਸ ਲਈ ਸਮਾਜ ਦੇ ਹਰ ਵਰਗ ਅਤੇ ਸਰਕਾਰੀ ਤੰਤਰ ਦਾ ਸਾਂਝਾ ਸਹਿਯੋਗ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਇਹ ਗੁਰੂਆਂ, ਪੀਰਾਂ ਫ਼ਕੀਰਾਂ ਦੀ ਮਹਾਨ ਧਰਤੀ ਹੈ, ਜਿਸ ਨੂੰ ਇਕਜੁਟ ਹੋ ਕੇ ਸਾਂਝੇ ਹੰਭਲੇ ਨਾਲ ਨਸ਼ਾ ਮੁਕਤ ਕਰਨ ਵਿਚ ਆਪੋ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ | ਸਮਾਗਮ ਦੇ ਅੰਤ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਅਸ਼ੋਕ ਕੁਮਾਰ ਚੌਹਾਨ ਨੇ ਦੱਸਿਆ ਗਿਆ ਕਿ ਭਾਵੇਂ ਇਹ ਮੁਹਿੰਮ ਅਧਿਕਾਰਤ ਤੌਰ 'ਤੇ ਸਮਾਪਤ ਹੋ ਗਈ ਹੈ, ਪਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਭਵਿੱਖ ਵਿਚ ਵੀ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਜਾਰੀ ਰੱਖੇਗੀ |