ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ 25 ਜਨਵਰੀ ਨੂੰ 16ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਰੂਮ ਵਿਚ ਕਰਵਾਇਆ ਜਾਵੇਗਾ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨੌਜਵਾਨ ਵੋਟਰਾਂ ਨੂੰ ਉਨ੍ਹਾਂ ਦੇ ਵੋਟਾਂ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਜ਼ਿਲੇ੍ਹ ਦੇ ਵੱਖ-ਵੱਖ ਕਾਲਜਾਂ ਤੇ ਸਕੂਲਾਂ ਦੇ ਵਿਦਿਆਰਥੀਆਂ ਦੇ ਭਾਸ਼ਣ, ਪੇਂਟਿੰਗ ਮੁਕਾਬਲੇ ਕਰਵਾਏ ਗਏ ਹਨ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਪ੍ਰਦਾਨ ਕੀਤੇ ਜਾਣਗੇ | ਇਸ ਤੋਂ ਇਲਾਵਾ ਚੋਣ ਹਲਕਿਆਂ ਵਿਚ ਸਭ ਤੋਂ ਵੱਧ ਵੋਟਾਂ ਬਣਾਉਣ ਵਾਲੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਬੀ.ਐਲ.ਓ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ | ਇਸੇ ਦੌਰਾਨ ਪਹਿਲੀ ਵਾਰ ਵੋਟਰ ਵਜੋਂ ਦਰਜ ਹੋਏ ਯੁਵਾ ਵੋਟਰਾਂ ਨੂੰ ਵੋਟਰ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਜਾਣੇ ਹਨ |