ਅਮਲੋਹ, 27 ਜਨਵਰੀ (ਹਰਪ੍ਰੀਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਵਲੋਂ ਗਣਤੰਤਰ ਦਿਵਸ ਮੌਕੇ ਅਮਲੋਹ ਸ਼ਹਿਰ ਵਿਚ ਟਰੈਕਟਰ ਮਾਰਚ ਕੱਢ ਕੇ ਕੇਂਦਰ ਸਰਕਾਰ ਦੇ ਖੇਤੀ ਬਿੱਲ-2025 ਦਾ ਤਿੱਖੇ ਸ਼ਬਦਾਂ ਵਿਚ ਵਿਰੋਧ ਕੀਤਾ ਗਿਆ | ਮਾਰਚ ਦੌਰਾਨ ਕਿਸਾਨਾਂ ਨੇ ਟਰੈਕਟਰਾਂ 'ਤੇ ਬੈਨਰ ਲਗਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਵਿਰੋਧੀ ਨੀਤੀਆਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ | ਇਸ ਮੌਕੇ ਮਾਰਚ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਘ ਰਹਿਲ ਨੇ ਕਿਹਾ ਕਿ ਕੇਂਦਰ ਸਰਕਾਰ ਇਕ ਤੋਂ ਬਾਅਦ ਇਕ ਅਜਿਹੇ ਫੈਸਲੇ ਲੈ ਰਹੀ ਹੈ, ਜੋ ਸਿੱਧੇ ਤੌਰ 'ਤੇ ਕਿਸਾਨੀ ਦੀ ਕਮਰ ਤੋੜਨ ਵਾਲੇ ਹਨ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਮਹਿੰਗਾਈ, ਕਰਜ਼ੇ ਅਤੇ ਘੱਟ ਆਮਦਨ ਨਾਲ ਜੂਝ ਰਹੀ ਕਿਸਾਨੀ 'ਤੇ ਖੇਤੀ ਬਿੱਲ-2025 ਹੋਰ ਵੱਡਾ ਬੋਝ ਸਾਬਤ ਹੋਵੇਗਾ | ਸ. ਰਹਿਲ ਨੇ ਦੋਸ਼ ਲਗਾਇਆ ਕਿ ਇਸ ਬਿੱਲ ਦੇ ਜ਼ਰੀਏ ਖੇਤੀ ਲਾਗਤ ਨਾਲ ਜੁੜੀਆਂ ਵਸਤਾਂ 'ਤੇ ਬਹੁਕਾਮੀ ਕੰਪਨੀਆਂ ਦਾ ਗਲਵਾ ਕਾਇਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨਾਲ ਕਿਸਾਨ ਆਪਣੀ ਹੀ ਖੇਤੀ ਵਿਚ ਮਜ਼ਦੂਰ ਬਣ ਕੇ ਰਹਿ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਜਿਹੜੀਆਂ ਕੰਪਨੀਆਂ ਵਲੋਂ ਕਿਸਾਨਾਂ ਨੂੰ ਬੀਜ ਮੁਹੱਈਆ ਕਰਵਾਏ ਜਾਣਗੇ, ਉਨ੍ਹਾਂ ਦੀ ਗੁਣਵੱਤਾ ਅਤੇ ਪ੍ਰਮਾਣਿਕਤਾ 'ਤੇ ਭਰੋਸਾ ਕਾਇਮ ਰਹਿਣਾ ਮੁਸ਼ਕਿਲ ਹੋਵੇਗਾ, ਜਿਸ ਦਾ ਨੁਕਸਾਨ ਆਖ਼ਰਕਾਰ ਕਿਸਾਨ ਨੂੰ ਹੀ ਭੁਗਤਣਾ ਪਵੇਗਾ | ਯੂਨੀਅਨ ਆਗੂ ਨੇ ਸਪਸ਼ਟ ਕੀਤਾ ਕਿ ਜੇਕਰ ਕੇਂਦਰ ਸਰਕਾਰ ਨੇ ਖੇਤੀ ਬਿੱਲ-2025 ਨੂੰ ਵਾਪਸ ਨਾ ਲਿਆ ਤਾਂ ਕਿਸਾਨ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਟਰੈਕਟਰ ਮਾਰਚ ਦੌਰਾਨ ਕਿਸਾਨਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਕਿ ਖੇਤੀ ਅਤੇ ਕਿਸਾਨੀ ਦੇ ਹੱਕਾਂ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ |