ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਮਨਪ੍ਰੀਤ ਸਿੰਘ)-ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੀ ਯਾਦ ਵਿਚ ਮਨਾਏ ਜਾਂਦੇ 'ਬਲੀਦਾਨ ਦਿਵਸ' ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਅਗਵਾਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਜਾ ਸਿਆਲ ਗਰੇਵਾਲ ਵਲੋਂ ਕੀਤੀ ਗਈ | ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ 2 ਮਿੰਟ ਦਾ ਮੌਨ ਧਾਰ ਕੇ ਦੇਸ਼ ਦੇ ਮਹਾਨ ਸ਼ਹੀਦਾਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਏ.ਡੀ.ਸੀ. ਗਰੇਵਾਲ ਨੇ ਕਿਹਾ ਕਿ ਅੱਜ ਦਾ ਦਿਨ ਸਾਨੂੰ ਉਨ੍ਹਾਂ ਮਹਾਨ ਸੂਰਬੀਰਾਂ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਦੀ ਬਦੌਲਤ ਅਸੀਂ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ | ਉਨ੍ਹਾਂ ਕਿਹਾ ਕਿ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਸ਼ਹੀਦਾਂ ਦੇ ਦਰਸਾਏ ਮਾਰਗ 'ਤੇ ਚੱਲੀਏ ਅਤੇ ਦੇਸ਼ ਦੀ ਏਕਤਾ ਤੇ ਆਖੰਡਤਾ ਨੂੰ ਬਰਕਰਾਰ ਰੱਖਣ ਲਈ ਆਪਣਾ ਯੋਗਦਾਨ ਪਾਈਏ | ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪੇ੍ਰਰਨਾ ਲੈਣੀ ਚਾਹੀਦੀ ਹੈ ਤਾਂ ਜੋ ਇਕ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ | ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ |