ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਬਲਜਿੰਦਰ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ 12 ਫਰਵਰੀ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਨੂੰ ਸਫ਼ਲ ਬਣਾਉਣ ਲਈ ਅੱਜ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਵਿਚ ਵਿਸ਼ੇਸ਼ ਇਕੱਤਰਤਾ ਹੋਈ | ਜਿਸ ਵਿਚ ਜ਼ਿਲ੍ਹਾ ਪਟਿਆਲਾ, ਫ਼ਤਹਿਗੜ੍ਹ ਸਾਹਿਬ, ਰੋਪੜ ਅਤੇ ਮੋਹਾਲੀ ਦੇ ਚੁਣੇ ਹੋਏ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ | ਜਿਸ ਦੌਰਾਨ ਆਗੂਆਂ ਨੇ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਇਆ | ਇਸ ਕਨਵੈੱਨਸ਼ਨ ਨੂੰ ਸੰਬੋਧਨ ਕਰਦਿਆਂ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਚੰਦਰ ਸ਼ੇਖਰ ਨੇ ਕਿਹਾ ਕਿ ਦੇਸ਼ ਵਿਚ ਨਿੱਜੀਕਰਨ ਅਤੇ ਲੋਕ ਹਿਤੀ ਕਾਨੂੰਨਾਂ ਦਾ ਘਾਣ ਹੋ ਰਿਹਾ ਹੈ, ਜਿਸ ਕਰਕੇ ਸੰਵਿਧਾਨ ਤੇ ਕਿਰਤ ਕਾਨੂੰਨਾਂ ਦੀ ਰਾਖੀ ਲਈ ਸਰਕਾਰ ਨੂੰ ਚੇਤਾਵਨੀ ਕਰਨੀ ਜ਼ਰੂਰੀ ਹੈ ਕਿ ਲੋਕਤੰਤਰ ਵਿਚ ਜਮਹੂਰੀ ਅਧਿਕਾਰਾਂ ਦੀ ਰਾਖੀ ਲਈ ਦੇਸ਼ ਦੇ ਮਿਹਨਤਕਸ਼ ਲੋਕ ਇੱਕਜੁੱਟ ਹਨ | ਸੂਬਾਈ ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਸਾਲਾਂ ਤੋਂ ਘੱਟ ਮਾਣਭੱਤੇ, ਅਸਥਾਈ ਦਰਜੇ ਅਤੇ ਅਸੁਰੱਖਿਅਤ ਕੰਮਕਾਜੀ ਹਾਲਾਤਾਂ ਵਿਚ ਕੰਮ ਕਰਨ ਲਈ ਮਜਬੂਰ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਲਗਾਤਾਰ ਚੁੱਪੀ ਵੱਟੀ ਹੋਈ ਹੈ | ਯੂਨੀਅਨ ਆਗੂਆਂ ਨੇ ਦੱਸਿਆ ਕਿ ਮੰਗਾਂ ਸਬੰਧੀ ਕਈ ਵਾਰ ਸਰਕਾਰ ਨਾਲ ਗੱਲਬਾਤ ਹੋਣ ਦੇ ਬਾਵਜੂਦ ਕੋਈ ਢੁਕਵਾਂ ਨਤੀਜਾ ਨਹੀਂ ਨਿਕਲਿਆ, ਜਿਸ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦੇ ਰਾਹ 'ਤੇ ਤੁਰਨ ਲਈ ਮਜਬੂਰ ਹੋਣਾ ਪਿਆ ਹੈ | ਉਨ੍ਹਾਂ ਨੇ ਸਪਸ਼ਟ ਕੀਤਾ ਕਿ ਜਦ ਤੱਕ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਇਨਸਾਫ਼ ਨਹੀਂ ਮਿਲਦਾ, ਸੰਘਰਸ਼ ਜਾਰੀ ਰਹੇਗਾ | ਇਸ ਮੌਕੇ 12 ਫਰਵਰੀ ਦੀ ਹੜਤਾਲ ਨੂੰ ਪੂਰੇ ਪੰਜਾਬ 'ਚ ਪੂਰੀ ਤਾਕਤ ਨਾਲ ਸਫਲ ਬਣਾਉਣ ਦਾ ਅਹਿਦ ਲਿਆ ਗਿਆ ਅਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ 22 ਫਰਵਰੀ ਨੂੰ ਵਿਭਾਗੀ ਮੰਤਰੀ ਬਲਜੀਤ ਕੌਰ ਦੇ ਘਿਰਾਓ ਦੀਆਂ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ | ਇਸ ਇਕੱਤਰਤਾ ਨੂੰ ਵਿੱਤ ਸਕੱਤਰ ਅੰਮਿ੍ਤਪਾਲ ਕੌਰ, ਮੀਤ ਪ੍ਰਧਾਨ ਕਿ੍ਸ਼ਨਾ ਕੁਮਾਰੀ, ਮੀਤ ਪ੍ਰਧਾਨ ਰਾਜ ਕੌਰ, ਜੁਆਇੰਟ ਸਕੱਤਰ ਗੁਰਦੀਪ ਕੌਰ, ਦਲਜੀਤ ਕੌਰ ਨੇ ਵੀ ਸੰਬੋਧਨ ਕੀਤਾ |