ਨਾਭਾ, 30 ਜਨਵਰੀ (ਜਗਨਾਰ ਸਿੰਘ ਦੁਲੱਦੀ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਐੱਸ. ਆਈ. ਚਮਕੌਰ ਸਿੰਘ ਨੂੰ ਪੁਲਿਸ ਚੌਂਕੀ ਛੀਟਾਂਵਾਲਾ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਅੱਜ ਆਪਣਾ ਚਾਰਜ ਸੰਭਾਲ ਲਿਆ ਹੈ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਸ.ਆਈ. ਚਮਕੌਰ ਸਿੰਘ ਨੇ ਕਿਹਾ ਕਿ ਨਾਭਾ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ ਤਹਿਤ ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਖ਼ਾਸ ਕਰਕੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਨਹੀਂ ਬਖਸ਼ਿਆ ਜਾਵੇਗਾ, ਇਸ ਕਰਕੇ ਉਹ ਜਾਂ ਤਾਂ ਆਪਣਾ ਧੰਦਾ ਛੱਡਣ ਜਾਂ ਫਿਰ ਛੱਡਣ ਹਲਕਾ | ਐਸ.ਆਈ. ਚਮਕੌਰ ਸਿੰਘ ਨੇ ਹਲਕੇ ਦੀਆਂ ਪੰਚਾਇਤਾਂ ਅਤੇ ਮੋਹਤਬਰ ਵਿਅਕਤੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਸਮਾਜ ਵਿਰੋਧੀਆਂ ਨੂੰ ਨੱਥ ਪਾਉਣ ਲਈ ਪੁਲਿਸ ਦਾ ਸਾਥ ਦੇਣ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਇਤਲਾਹ ਦੇਣ ਵਾਲੇ ਵਿਅਕਤੀ ਦਾ ਨਾਮ ਪੁਲਿਸ ਵਲੋਂ ਬਿਲਕੁਲ ਗੁਪਤ ਰੱਖਿਆ ਜਾਵੇਗਾ |