ਅਮਲੋਹ, 30 ਜਨਵਰੀ (ਕੇਵਲ ਸਿੰਘ)-ਗਣਤੰਤਰ ਦਿਵਸ ਮੌਕੇ 'ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਈਚਾਰੇ ਪ੍ਰਤੀ ਉਨ੍ਹਾਂ ਦੀਆਂ ਮਿਸਾਲੀ ਸੇਵਾਵਾਂ ਦੇ ਸਨਮਾਨ ਵਜੋਂ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਗਿਆ | ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਪੰਜਾਬ ਸਰਕਾਰ ਵਲੋਂ ਡਾ. ਕੁਲਭੂਸ਼ਣ ਡਾਇਰੈਕਟਰ ਕੈਂਪਸ ਅਤੇ ਡਾ. ਪ੍ਰਭਜੋਤ ਸਿੰਘ ਡਿਪਟੀ ਡਾਇਰੈਕਟਰ ਨਰਸਿੰਗ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ | ਇਹ ਸਨਮਾਨ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਪ੍ਰਤੀ ਉਨ੍ਹਾਂ ਦੇ ਸਮਰਪਿਤ ਅਤੇ ਸ਼ਲਾਘਾਯੋਗ ਯੋਗਦਾਨ ਦੀ ਪ੍ਰਸੰਸਾ ਵਿਚ ਦਿੱਤਾ ਗਿਆ | ਇਸ ਤੋਂ ਇਲਾਵਾ ਹਰਪ੍ਰੀਤ ਸਿੰਘ ਸਹਾਇਕ ਰਜਿਸਟ੍ਰਾਰ ਅਤੇ ਐਸੋਸੀਏਟ ਪ੍ਰੋਫ਼ੈਸਰ ਡਾ. ਦਰਸ਼ਨਾ ਨੂੰ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਐੱਸ.ਡੀ.ਐੱਮ ਅਮਲੋਹ ਚੇਤਨ ਬੰਗੜ ਦੁਆਰਾ ਸਨਮਾਨਿਤ ਕੀਤਾ ਗਿਆ | ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਅਤੇ ਹੋਰ ਅਧਿਕਾਰੀਆਂ ਨੇ ਇਸ ਪੁਰਸਕਾਰ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ 'ਤੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਸਨਮਾਨ ਪੂਰੇ ਸੰਸਥਾਨ ਨੂੰ ਸਮਾਜ ਦੀ ਬਿਹਤਰੀ ਲਈ ਕੰਮ ਕਰਦੇ ਰਹਿਣ ਲਈ ਪ੍ਰੇਰਿਤ ਕਰਦੇ ਹਨ |