ਬਸੀ ਪਠਾਣਾਂ, 3 ਫਰਵਰੀ (ਐਚ.ਐਸ.ਗੌਤਮ)-ਸਥਾਨਕ ਮੁਹੱਲਾ ਪੁਰਾ ਵਾਸੀਆਂ ਵਲੋਂ ਪ੍ਰਸ਼ਾਸਨ ਤੋਂ ਟੁੱਟੀ ਪੁਲੀ ਦੀ ਮੁਰੰਮਤ ਕਰਵਾਉਣ ਅਤੇ ਨਾਲੀਆਂ ਦੀ ਸਾਫ਼ ਸਫਾਈ ਕਰਵਾਉਣ ਦੀ ਮੰਗ ਕੀਤੀ ਗਈ ਹੈ | ਮੁਹੱਲਾ ਵਾਸੀਆਂ ਵਿੱਕੀ, ਅਮਰਜੀਤ ਕੌਰ, ਕੁਲਵਿੰਦਰ ਸਿੰਘ, ਅਜਮੇਰ ਸਿੰਘ, ਰਿੰਕੂ, ਵਿਜੇ ਨੇ ਦੱਸਿਆ ਕਿ ਉਨ੍ਹਾਂ ਦੀ ਗਲੀ ਵਿਚ ਬਣੀ ਨਾਲੀ ਦੀ ਪੁਲੀ ਕਾਫ਼ੀ ਸਮੇਂ ਤੋਂ ਟੁੱਟੀ ਹੋਈ ਹੈ | ਨਾਲੀਆਂ ਵਿਚ ਗੰਦ ਭਰੇ ਹੋਣ ਕਾਰਨ ਗੰਦਾ ਪਾਣੀ ਸੜਕ 'ਤੇ ਵਹਿ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਸਥਿਤੀ ਕਾਰਨ ਵਿਸ਼ੇਸ਼ ਤੌਰ 'ਤੇ ਬੱਚਿਆਂ, ਮਹਿਲਾਵਾਂ ਅਤੇ ਬਜ਼ੁਰਗਾਂ ਨੂੰ ਆਵਾਜਾਈ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਦੋ ਪਹੀਆ ਵਾਹਨ ਲੰਘਾਉਣ ਸਮੇਂ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ | ਮੁਹੱਲਾ ਵਾਸੀਆਂ ਨੇ ਦੱਸਿਆ ਕਿ ਇਹ ਸਮੱਸਿਆ ਕਈ ਵਾਰ ਨਗਰ ਕੌਂਸਲ ਪ੍ਰਬੰਧਕਾਂ ਦੇ ਧਿਆਨ ਵਿਚ ਲਿਆਂਦੀ ਗਈ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ | ਮੁਹੱਲਾ ਵਾਸੀਆਂ ਨੇ ਡਿਪਟੀ ਕਮਿਸ਼ਨਰ, ਐੱਸ.ਡੀ.ਐੱਮ. ਅਤੇ ਕਾਰਜ ਸਾਧਕ ਅਫ਼ਸਰ ਤੋਂ ਇਸ ਗੰਭੀਰ ਸਮੱਸਿਆ ਨੂੰ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ |