ਫ਼ਤਹਿਗੜ੍ਹ ਸਾਹਿਬ, 3 ਫਰਵਰੀ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਆਵਾਜਾਈ ਨੂੰ ਸੁਚਾਰੂ ਰੂਪ ਵਿਚ ਚਲਾਉਣ ਅਤੇ ਵਾਹਨ ਚਾਲਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਟ੍ਰੈਫ਼ਿਕ ਮਾਰਸ਼ਲ ਦੀ ਤਾਇਨਾਤੀ ਕੀਤੀ ਜਾ ਰਹੀ ਹੈ, ਜੋ ਕਿ ਟ੍ਰੈਫ਼ਿਕ ਪੁਲਿਸ ਨੂੰ ਆਵਾਜਾਈ ਪ੍ਰਬੰਧਾਂ ਵਿਚ ਸਹਿਯੋਗ ਕਰਨਗੇ | ਇਹ ਪ੍ਰਗਟਾਵਾ ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਤੇ ਉਪ ਕਪਤਾਨ ਪੁਲਿਸ ਇੰਦਰਪ੍ਰੀਤ ਸਿੰਘ ਬਡੰੂਗਰ ਨੇ ਅੱਜ ਆਪਣੇ ਦਫ਼ਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ 25 ਤੋਂ 30 ਟ੍ਰੈਫ਼ਿਕ ਮਾਰਸ਼ਲ ਨਿਯੁਕਤ ਕੀਤੇ ਜਾਣਗੇ, ਜਿਨ੍ਹਾਂ ਨੂੰ ਪਹਿਲਾਂ ਟ੍ਰੈਫ਼ਿਕ ਨਿਯਮਾਂ ਦੀ ਬੇਸਿਕ ਜਾਣਕਾਰੀ ਦਿੱਤੀ ਜਾਵੇਗੀ, ਉਸ ਉਪਰੰਤ ਉਨ੍ਹਾਂ ਦੀਆਂ ਵੱਖ-ਵੱਖ ਥਾਵਾਂ 'ਤੇ ਆਵਾਜਾਈ ਨੂੰ ਸੁਚਾਰੂ ਰੂਪ ਵਿਚ ਚਲਾਉਣ ਲਈ ਸੇਵਾਵਾਂ ਲਈਆਂ ਜਾਣਗੀਆਂ | ਇਸ ਤੋਂ ਇਲਾਵਾ ਇਨ੍ਹਾਂ ਟ੍ਰੈਫ਼ਿਕ ਮਾਰਸ਼ਲਾਂ ਰਾਹੀਂ ਸਕੂਲਾਂ ਤੇ ਕਾਲਜਾਂ ਵਿਚ ਆਵਾਜਾਈ ਨਿਯਮਾਂ ਦੀ ਪਾਲਨਾ ਨੂੰ ਯਕੀਨੀ ਬਣਾਉਣ ਲਈ ਜਾਗਰੂਕਤਾ ਸੈਮੀਨਾਰ ਵੀ ਲਗਾਏ ਜਾਣਗੇ ਤਾਂ ਜੋ ਸੜਕੀ ਹਾਦਸਿਆਂ ਵਿਚ ਅਜਾਈਾ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਉਣ 'ਚ ਮਦਦ ਮਿਲ ਸਕੇ | ਇਸ ਮੌਕੇ ਟ੍ਰੈਫ਼ਿਕ ਪੁਲਿਸ ਦੇ ਸਹਾਇਕ ਥਾਣੇਦਾਰ ਕਪਿਲ ਭੱਟ, ਸਮਾਜ ਸੇਵਕ ਗੁਰਵਿੰਦਰ ਸਿੰਘ ਸੋਹੀ, ਸ਼ਿਆਮ ਸੁੰਦਰ ਸ਼ਰਮਾ, ਸ਼ਾਲੂ ਕੁਮਾਰ, ਰਾਜ ਕੁਮਾਰ ਢੀਂਡਸਾ ਵੀ ਹਾਜ਼ਰ ਸਨ | ਇਸ ਤੋਂ ਪਹਿਲਾਂ ਉਪ ਕਪਤਾਨ ਪੁਲਿਸ ਇੰਦਰਪ੍ਰੀਤ ਸਿੰਘ ਨੇ ਨਵੇਂ ਟ੍ਰੈਫ਼ਿਕ ਮਾਰਸ਼ਲਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ |