ਸਮਾਣਾ, 3 ਫਰਵਰੀ (ਹਰਵਿੰਦਰ ਸਿੰਘ ਟੋਨੀ)-ਸ੍ਰੀ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਦਿਹਾੜਾ ਸਥਾਨਕ ਗੁਰਦੁਆਰਾ ਸਾਹਿਬ ਬਾਬਾ ਸੰਗਤ ਸਿੰਘ ਨਵੀਂ ਸਰਾਪਤੀ ਵਿਖੇ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ | ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਗੁਰੂ ਦਰਬਾਰ ਵਿਚ ਨਤਮਸਤਕ ਹੋਈਆਂ | ਇਸ ਮੌਕੇ ਕੀਰਤਨੀ ਜਥੇ ਨੇ ਗੁਰਬਾਣੀ ਸਰਵਨ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ 'ਚ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਰਾਜਿੰਦਰ ਸਿੰਘ, ਸਾਬਕਾ ਵਿਧਾਇਕ ਨਿਰਮਲ ਸਿੰਘ, ਬੀਬੀ ਰਵਿੰਦਰ ਕੌਰ, ਸਾਬਕਾ ਪ੍ਰਧਾਨ ਨਗਰ ਕੌਂਸਲ ਕਪੂਰ ਚੰਦ ਬਾਂਸਲ, ਕੌਂਸਲਰ ਹਰਪ੍ਰੀਤ ਸਿੰਘ ਕੁੱਕਾ ਅਤੇ ਗੁਰਜੀਤ ਬੱਲੀ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਵਧਾਈ ਦਿੰਦਿਆਂ ਉਨ੍ਹਾਂ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਹਮੇਸ਼ਾ ਸਮਾਜਿਕ ਬਰਾਬਰੀ, ਜਾਤ-ਪਾਤ, ਊਚ-ਨੀਚ ਤੋਂ ਉੱਪਰ ਉੱਠ ਕੇ ਜੀਵਨ ਜਾਂਚ ਦੀ ਪ੍ਰੇਰਨਾ ਦਿੱਤੀ | ਗੁਰਦੁਆਰਾ ਕਮੇਟੀ ਵਲੋਂ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੀ ਬਖਸ਼ਿਸ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਕਾਂਗਰਸ ਬਲਾਕ ਪ੍ਰਧਾਨ ਡਾ. ਪ੍ਰੇਮਪਾਲ, ਪਰਮਜੀਤ ਸਿੰਘ, ਡਾ. ਸੁਰਜੀਤ ਸਿੰਘ ਦਈਆ, ਮਾ. ਮਲਕੀਤ ਸਿੰਘ, ਸੁਰਿੰਦਰ ਵਧਵਾ, ਰਾਮ ਸਿੰਘ, ਭੁਪਿੰਦਰ ਸਿੰਘ, ਨਰਿੰਦਰ ਸਿੰਘ, ਪਵਨਦੀਪ ਸਿੰਘ, ਜੱਸਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤ ਮੌਜੂਦ ਸੀ |