ਪਟਿਆਲਾ, 4 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸੀਨੀਅਰ ਸਿਟੀਜ਼ਨ ਸਟੇਟ ਐਕਸ਼ਨ ਪਲਾਨ 2025-26 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ Tਸਾਡੇ ਬਜ਼ੁਰਗ ਸਾਡਾ ਮਾਣU ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ | ਇਹ ਕੈਂਪ 10 ਫਰਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1:00 ਵਜੇ ਤੱਕ ਬਹਾਵਲਪੁਰ ਪੈਲੇਸ (ਪੁਲਿਸ ਲਾਈਨ) ਪਟਿਆਲਾ ਵਿਖੇ ਲਗਾਇਆ ਜਾਵੇਗਾ | ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਜ਼ਿਲ੍ਹੇ ਦੇ ਬਜ਼ੁਰਗ ਨਾਗਰਿਕਾਂ ਨੂੰ ਵੱਖ-ਵੱਖ ਵਿਭਾਗਾਂ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਬਜ਼ੁਰਗਾਂ ਨੂੰ ਜਨਰਲ ਹੈਲਥ ਚੈੱਕਅਪ, ਹੱਡੀਆਂ ਅਤੇ ਅੱਖਾਂ ਦਾ ਚੈੱਕਅਪ ਅਤੇ ਮੋਤੀਆ ਬਿੰਦ ਦੇ ਆਪਰੇਸ਼ਨ ਲਈ ਬਜ਼ੁਰਗਾਂ ਦੀ ਪਛਾਣ ਕਰਨਾ, ਕੰਨਾਂ ਦਾ ਚੈੱਕਅਪ, ਸਿਹਤ ਸੰਭਾਲ, ਹੋਮਿਓਪੈਥੀ ਅਤੇ ਆਯੁਰਵੇਦ ਸੰਬੰਧੀ ਜਾਣਕਾਰੀ, ਨਿਯਮਿਤ ਜਾਂਚਾਂ ਅਤੇ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ | ਸਮਾਜਿਕ ਸੁਰੱਖਿਆ ਵਿਭਾਗ ਵਲੋਂ ਬਜ਼ੁਰਗਾਂ ਲਈ ਬੁਢਾਪਾ ਪੈਨਸ਼ਨ, ਸੀਨੀਅਰ ਸਿਟੀਜ਼ਨ ਕਾਰਡ ਅਪਲਾਈ ਕਰਨ ਅਤੇ ਹੋਰ ਭਲਾਈ ਸਕੀਮਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ | ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਜ਼ੁਰਗਾਂ ਦੇ ਕਾਨੂੰਨੀ ਅਧਿਕਾਰਾਂ ਸੀਨੀਅਰ ਸਿਟੀਜ਼ਨ ਐਕਟ-2007 ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ, ਜਦਕਿ ਆਯੂਸ਼ ਵਿਭਾਗ ਵਲੋਂ ਕੁਦਰਤੀ ਅਤੇ ਪਰੰਪਰਾਗਤ ਇਲਾਜ ਪ੍ਰਣਾਲੀਆਂ ਅਤੇ ਯੋਗਾ ਰਾਹੀਂ ਬਜ਼ੁਰਗਾਂ ਨੂੰ ਸਿਹਤ ਸੰਭਾਲ ਬਾਰੇ ਜਾਗਰੂਕਤਾ ਫੈਲਾਈ ਜਾਵੇਗੀ | ਵਿਭਾਗ ਵਲੋਂ ਜ਼ਿਲ੍ਹੇ ਦੇ ਸਾਰੇ ਬਜ਼ੁਰਗ ਨਾਗਰਿਕਾਂ ਨੂੰ ਇਸ ਕੈਂਪ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ¢