ਫ਼ਤਹਿਗੜ੍ਹ ਸਾਹਿਬ, 4 ਫਰਵਰੀ (ਮਨਪ੍ਰੀਤ ਸਿੰਘ)-ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ, ਬਿ੍ਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਰਿਟਾ) ਨੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫ਼ਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਵਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਉਪਰੰਤ ਮਾਲੀ ਮਦਦ ਦੇ ਚੈੱਕ ਵੰਡੇ | ਉਨ੍ਹਾਂ ਸੈਨਿਕਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਦਫ਼ਤਰੀ ਕਰਮਚਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ | ਇਸ ਤੋਂ ਪਹਿਲਾਂ ਢਿੱਲੋਂ ਨੇ ਦਫ਼ਤਰ ਵਿਖੇ ਚੱਲ ਰਹੇ ਸੈਨਿਕ ਵੋਕੇਸ਼ਨਲ ਸੈਂਟਰ ਵਿਚ ਕੰਪਿਊਟਰ ਕੋਰਸ ਅਤੇ ਪ੍ਰੀ-ਰਿਕਰੂਟਮੈਂਟ ਦਾ ਮੁਆਇਨਾ ਕਰਨ ਦੇ ਨਾਲ ਸੈਨਿਕ ਰੈਸਟ ਹਾਊਸ ਦਾ ਦੌਰਾ ਕੀਤਾ | ਦਫ਼ਤਰ ਦੀ ਕਾਰਗੁਜ਼ਾਰੀ ਦੀ ਪ੍ਰਸੰਸਾ ਕਰਦੇ ਹੋਏ ਸਮੂਹ ਸਟਾਫ਼ ਦੀ ਹੌਸਲਾ ਅਫ਼ਜ਼ਾਈ ਕੀਤੀ |