ਫ਼ਤਹਿਗੜ੍ਹ ਸਾਹਿਬ, 5 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਬਲਜੀਤ ਸਿੰਘ ਭੁੱਟਾ ਨੂੰ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਵਜੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਨਿਯੁਕਤੀ ਨੂੰ ਲੈ ਕੇ ਹਲਕੇ ਵਿਚ ਪਾਰਟੀ ਆਗੂਆਂ ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਤੇ ਉਤਸ਼ਾਹ ਭਰ ਗਿਆ ਹੈ | ਇਸ ਮੌਕੇ ਸ. ਭੁੱਟਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਲੀਡਰਸ਼ਿਪ ਦੀਆਂ ਉਮੀਦਾਂ 'ਤੇ ਖਰਾ ਉੱਤਰਨਗੇ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਜ਼ਿਲ੍ਹੇ ਦੀਆਂ ਤਿੰਨੋਂ ਵਿਧਾਨ ਸਭਾ ਸੀਟਾਂ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਈਆਂ ਜਾਣਗੀਆਂ | ਇਸ ਦੇ ਨਾਲ ਹੀ ਹਲਕੇ ਦੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਉੱਚ ਪੱਧਰ ਤੱਕ ਪਹੁੰਚਾ ਕੇ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲ ਰਹੇਗੀ | ਇਸ ਮੌਕੇ 'ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਕੋਰ ਕਮੇਟੀ ਮੈਂਬਰ ਤੇ ਇੰਚਾਰਜ ਹਲਕਾ ਬਸੀ ਪਠਾਣਾਂ ਦਰਬਾਰਾ ਸਿੰਘ ਗੁਰੂ, ਗੁਰਪ੍ਰੀਤ ਸਿੰਘ ਰਾਜੂ ਖੰਨਾ ਇੰਚਾਰਜ ਹਲਕਾ ਅਮਲੋਹ ਤੇ ਕੋਰ ਕਮੇਟੀ ਮੈਂਬਰ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ | ਇਸ ਨਿਯੁਕਤੀ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਸੀਨੀਅਰ ਅਕਾਲੀ ਆਗੂ ਮਨਮੋਹਨ ਸਿੰਘ ਮਕਾਰੋਂਪੁਰ ਨੇ ਵੀ ਬਲਜੀਤ ਸਿੰਘ ਭੁੱਟਾ ਨੂੰ ਹਲਕਾ ਇੰਚਾਰਜ ਨਿਯੁੱਕਤ ਹੋਣ 'ਤੇ ਵਧਾਈ ਦਿੱਤੀ |