ਫ਼ਤਹਿਗੜ੍ਹ ਸਾਹਿਬ, 5 ਫਰਵਰੀ (ਰਾਜਿੰਦਰ ਸਿੰਘ)-ਡੇਅਰੀ ਵਿਕਾਸ ਵਿਭਾਗ ਵਲੋਂ ਐਸ.ਸੀ. ਸਿੱਖਿਆਰਥੀਆਂ ਲਈ ਦੋ ਹਫ਼ਤੇ ਦੇ ਮੁਫ਼ਤ ਸਿਖਲਾਈ ਕੋਰਸ ਦਾ ਅਖ਼ੀਰਲਾ ਬੈਚ 9 ਫਰਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਿੱਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ ਅਤੇ ਡੇਅਰੀ ਸਿਖਲਾਈ ਕੇਂਦਰ ਚਤਾਮਲੀ ਵਿਖੇ ਟ੍ਰੇਨਿੰਗ ਪ੍ਰਾਪਤ ਕਰ ਸਕਦੇ ਹਨ | ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਇਸ ਟ੍ਰੇਨਿੰਗ 'ਚ ਭਾਗ ਲੈਣ ਵਾਲਾ ਸਿੱਖਿਆਰਥੀ ਐਸ.ਸੀ. ਜਾਤੀ ਨਾਲ ਸਬੰਧਿਤ ਹੋਵੇ ਅਤੇ ਪੇਂਡੂ ਖੇਤਰ ਦਾ ਵਸਨੀਕ ਹੋਵੇ ਅਤੇ ਘੱਟੋ-ਘੱਟ ਪੰਜਵੀਂ ਪਾਸ ਹੋਵੇ | ਉਮਰ 18 ਸਾਲ ਤੋਂ ਵੱਧ ਹੋਵੇ ਅਤੇ 55 ਸਾਲ ਤੋਂ ਘੱਟ ਹੋਵੇ ਅਤੇ ਐਸ.ਸੀ. ਜਾਤੀ ਨਾਲ ਸਬੰਧਿਤ ਵਿਆਹੀ ਮਹਿਲਾ ਵੀ ਇਸ ਸਿਖਲਾਈ ਵਿਚ ਭਾਗ ਲੈ ਸਕਦੀ ਹੈ | ਉਨ੍ਹਾਂ ਦੱਸਿਆ ਕਿ ਇਸ ਵਿਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਅ, ਖਾਦ ਖ਼ੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਇਸ ਸਕੀਮ ਅਧੀਨ ਭਾਗ ਲੈਣ ਵਾਲੇ ਐਸ.ਸੀ. ਸਿੱਖਿਆਰਥੀਆਂ ਨੂੰ ਵਿਭਾਗ ਵਲੋਂ 3500 ਰੁਪਏ ਵਜ਼ੀਫ਼ਾ ਵੀ ਦਿੱਤਾ ਜਾਵੇਗਾ ਅਤੇ 2, 5 ਅਤੇ 10 ਪਸ਼ੂਆਂ ਦੇ ਡੇਅਰੀ ਯੂਨਿਟ ਬਣਾਉਣ ਤੇ 33 ਫ਼ੀਸਦੀ ਸਬਸਿਡੀ ਵੀ ਦਿੱਤੀ ਜਾਵੇਗੀ | ਦਲਬੀਰ ਕੁਮਾਰ ਨੇ ਸਮੂਹ ਚਾਹਵਾਨ ਐਸ.ਸੀ. ਸਿੱਖਿਆਰਥੀ ਤੇ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਆਪਣੇ ਆਪ ਨੂੰ ਇਸ ਸਿਖਲਾਈ ਪ੍ਰੋਗਰਾਮ ਵਿਚ ਦਾਖਲ ਕਰਵਾ ਕੇ ਵਿਭਾਗ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਉਠਾਉਣ |