ਫ਼ਤਹਿਗੜ੍ਹ ਸਾਹਿਬ, 5 ਫਰਵਰੀ (ਬਲਜਿੰਦਰ ਸਿੰਘ)-ਡਾਇਰੈਕਟਰ ਆਯੁਰਵੈਦਾ ਪੰਜਾਬ ਡਾ. ਰਮਨ ਖੰਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸਾਹਿਬ ਬਾਰੀਆਂ ਚੁੰਨੀ ਕਲਾਂ ਵਿਖੇ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਮੰਜੂ ਨੇ ਦੱਸਿਆ ਕਿ ਇਸ ਕੈਂਪ ਦਾ ਉਦੇਸ਼ ਇਲਾਕੇ ਦੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਅਤੇ ਬਿਮਾਰੀਆਂ ਪ੍ਰਤੀ ਜਾਗਰੂਕਤਾ ਫੈਲਾਉਣਾ ਸੀ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਾਹਿਰ ਆਯੁਰਵੈਦਿਕ ਅਤੇ ਹੋਮਿਓਪੈਥਿਕ ਡਾਕਟਰਾਂ ਵਲੋਂ ਮਰੀਜ਼ਾਂ ਦੀ ਪੂਰੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ | ਇਸ ਕੈਂਪ ਵਿਚ ਕੁੱਲ 739 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ, ਜਿਨ੍ਹਾਂ 'ਚੋਂ 397 ਮਰੀਜ਼ਾਂ ਨੂੰ ਆਯੁਰਵੈਦਿਕ ਅਤੇ 342 ਮਰੀਜ਼ਾਂ ਨੂੰ ਹੋਮਿਓਪੈਥਿਕ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ | ਕੈਂਪ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਹੋਰ ਮੁਫ਼ਤ ਸਿਹਤ ਕੈਂਪ ਲਗਾਏ ਜਾਣਗੇ ਤਾਂ ਜੋ ਜ਼ਰੂਰਤਮੰਦ ਲੋਕਾਂ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਈਆਂ ਜਾ ਸਕਣ | ਇਸ ਕੈਂਪ ਵਿਚ ਡਾ. ਸਿਕੰਦਰ ਆਯੁਰਵੈਦਿਕ ਮੈਡੀਕਲ ਅਫ਼ਸਰ, ਡਾ. ਉਮਾ ਬੇਦੀ, ਡਾ. ਦਲਜੀਤ ਸਿੰਘ ਐਚ.ਐਮ.ਓ., ਡਾ. ਮਨਵਿੰਦਰ ਕੌਰ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ | ਇਸ ਦੌਰਾਨ ਬਲਜਿੰਦਰ ਸਿੰਘ ਉਪ ਵੈਦ, ਅਵਤਾਰ ਸਿੰਘ, ਨੀਲ ਕਮਲ ਹੋਮਿਓਪੈਥਿਕ ਡਿਸਪੈਂਸਰ ਤੇ ਪਰਮਜੀਤ ਕੌਰ ਵਲੋਂ ਦਵਾਈਆਂ ਦੀ ਵੰਡ ਕੀਤੀ ਗਈ |