ਫ਼ਤਹਿਗੜ੍ਹ ਸਾਹਿਬ, 6 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਧਰਾਤਲ ਪੱਧਰ 'ਤੇ ਮਜ਼ਬੂਤ ਕਰਨ ਲਈ ਪਾਰਟੀ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ ਹੇਠ ਲੀਡਰਸ਼ਿਪ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਪਾਰਟੀ ਵਰਕਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਲਾਮਬੰਦ ਕੀਤਾ ਜਾ ਰਿਹਾ ਹੈ, ਇਸੇ ਕੜੀ ਤਹਿਤ 25 ਫਰਵਰੀ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਇਕਾਈ ਦੀ ਵਿਸ਼ੇਸ਼ ਇਕੱਤਰਤਾ ਸੰਗਮ ਪੈਲੇਸ ਸ਼ਮਸ਼ੇਰ ਨਗਰ ਰੋਡ ਸਰਹਿੰਦ ਵਿਖੇ ਸੱਦੀ ਗਈ ਹੈ | ਇਸ ਗੱਲ ਦਾ ਪ੍ਰਗਟਾਵਾ ਜਥੇਦਾਰ ਕਰਨੈਲ ਸਿੰਘ ਪੰਜੋਲੀ ਮੈਂਬਰ ਸ਼੍ਰੋਮਣੀ ਕਮੇਟੀ, ਹਰਵੇਲ ਸਿੰਘ ਮਾਧੋਪੁਰ ਸੂਬਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਵਰਕਿੰਗ ਕਮੇਟੀ ਮੈਂਬਰ ਰਣਬੀਰ ਸਿੰਘ ਪੂਨੀਆ, ਅਮਰਇੰਦਰ ਸਿੰਘ ਲਿਬੜਾ ਅਤੇ ਮਾਸਟਰ ਚਰਨਜੀਤ ਸਿੰਘ ਖਾਲਸਪੁਰ ਨੇ ਸੀਨੀਅਰ ਆਗੂ ਦਰਬਾਰਾ ਸਿੰਘ ਰੰਧਾਵਾ ਦੇ ਸ਼ੈਲਰ ਵਿਚ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ ਦੀ ਪ੍ਰਧਾਨਗੀ ਹੇਠ ਸਰਕਲ ਪ੍ਰਧਾਨਾਂ ਦੀ ਹੋਈ ਅਹਿਮ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਆਗੂਆਂ ਨੇ ਕਿਹਾ ਕਿ ਮੀਟਿੰਗ ਵਿਚ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ 25 ਫਰਵਰੀ ਨੂੰ ਸੰਗਮ ਪੈਲੇਸ ਸ਼ਮਸ਼ੇਰ ਨਗਰ ਰੋਡ ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕਰਨ ਦਾ ਫ਼ੈਸਲਾ ਲਿਆ ਗਿਆ | ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਪੰਥ ਦੀ ਸਰਕਾਰ ਬਣਾਉਣ ਲਈ ਪੰਥਕ ਸ਼ਕਤੀ ਨੂੰ ਮਜ਼ਬੂਤ ਕਰਨ ਦੀ ਸਖ਼ਤ ਲੋੜ ਹੈ ਅਤੇ ਇਹ ਤਾਂ ਹੀ ਸੰਭਵ ਹੋ ਸਕਦਾ ਹੈ, ਜੇਕਰ ਪਾਰਟੀ ਨਾਲ ਜੁੜੇ ਆਗੂ ਤੇ ਵਰਕਰ ਸਮਾਜ ਤੇ ਪੰਜਾਬ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਆਪਣੀ ਬਣਦੀ ਡਿਊਟੀ ਪੂਰੀ ਇਮਾਨਦਾਰੀ ਤੇ ਵਫ਼ਾਦਾਰੀ ਨਾਲ ਨਿਭਾਉਣਗੇ | ਇਸ ਮੀਟਿੰਗ ਦੌਰਾਨ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਬਾਖ਼ੂਬੀ ਨਿਭਾਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਿੱਧੂ, ਸੀਨੀਅਰ ਆਗੂ ਦਰਬਾਰਾ ਸਿੰਘ ਰੰਧਾਵਾ, ਬਲਤੇਜ ਸਿੰਘ ਮਹਿਮੂਦਪੁਰ, ਅਮਰਜੀਤ ਸਿੰਘ ਮੁੱਢੜੀਆਂ, ਪਰਮਜੀਤ ਸਿੰਘ, ਡਾ. ਮਨਜੀਤ ਸਿੰਘ, ਸਰਕਲ ਪ੍ਰਧਾਨਾਂ 'ਚ ਸੁਰਿੰਦਰ ਸਿੰਘ ਸੁਹਾਗਹੇੜੀ, ਅਜੀਤ ਸਿੰਘ, ਜਰਨੈਲ ਸਿੰਘ, ਕੇਸਰ ਸਿੰਘ, ਗੁਰਦੇਵ ਸਿੰਘ, ਹਰਮੇਲ ਸਿੰਘ, ਸੁਖਵੰਤ ਸਿੰਘ, ਜਗਦੀਸ਼ ਸਿੰਘ, ਹਰਪਾਲ ਸਿੰਘ, ਲਖਬੀਰ ਸਿੰਘ, ਨਰੇਸ਼ ਕੁਮਾਰ, ਜਸਵੀਰ ਸਿੰਘ, ਸੁਰਜੀਤ ਸਿੰਘ ਤੇ ਭੁਪਿੰਦਰ ਸਿੰਘ ਤੋਂ ਇਲਾਵਾ ਬਚਿੱਤਰ ਸਿੰਘ ਪੰਜੋਲਾ, ਹਰਵਿੰਦਰ ਸਿੰਘ, ਸੁਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਰਕਰ ਸ਼ਾਮਿਲ ਹੋਏ |