ਫ਼ਤਹਿਗੜ੍ਹ ਸਾਹਿਬ, 6 ਫਰਵਰੀ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ, ਜਿਸ ਦੇ ਚੱਲਦਿਆਂ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਇਲਾਜ ਦੀ ਮੁਫ਼ਤ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਸਬੰਧੀ ਲੋੜਵੰਦ ਲੋਕਾਂ ਨੂੰ ਰਜਿਸਟਰ ਕਰਕੇ ਉਨ੍ਹਾਂ ਦੇ ਕਾਰਡ ਬਣਾਏ ਜਾ ਰਹੇ ਹਨ ਤਾਂ ਜੋ ਲੋਕ ਇਸ ਦਾ ਲਾਭ ਲੈ ਸਕਣ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਦੇ ਸੀਨੀਅਰ ਆਗੂ ਰਮੇਸ਼ ਕੁਮਾਰ ਸੋਨੂੰ ਨੇ ਪੰਚਾਇਤੀ ਗੁਰਦੁਆਰਾ ਸਾਹਿਬ ਸਰਹਿੰਦ 'ਚ ਲੋੜਵੰਦ ਲੋਕਾਂ ਦੇ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਸੋਨੂੰ ਨੇ ਕਿਹਾ ਕਿ 'ਆਪ' ਵਲੋਂ ਆਪਣੇ ਵਾਅਦਿਆਂ ਨੂੰ ਇਕ-ਇਕ ਕਰ ਪੂਰਾ ਕੀਤਾ ਜਾ ਰਿਹਾ ਹੈ ਤੇ ਲੋਕਾਂ ਨੂੰ ਬਣਦੀਆਂ ਸੁੱਖ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਲੋੜਵੰਦ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਹ 10 ਲੱਖ ਰੁਪਏ ਤੱਕ ਦਾ ਇਲਾਜ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ 'ਚ ਪੂਰੀ ਤਰ੍ਹਾਂ ਮੁਫ਼ਤ ਕਰਵਾ ਸਕਣਗੇ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ 'ਆਪ' ਵਲੰਟੀਅਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਲਦ ਆਪਣੇ ਇਲਾਕੇ ਦੇ ਲੋੜਵੰਦ ਲੋਕਾਂ ਨੂੰ ਇਸ ਸਕੀਮ ਨਾਲ ਜੋੜਨ ਤੇ ਉਨ੍ਹਾਂ ਦੇ ਬੀਮਾ ਕਾਰਡ ਬਣਾਏ ਜਾਣ ਤਾਂ ਜੋ ਉਕਤ ਵਿਅਕਤੀ ਇਸ ਦਾ ਲਾਭ ਲੈ ਸਕਣ |