ਫ਼ਤਹਿਗੜ੍ਹ ਸਾਹਿਬ, 6 ਫਰਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੀ ਅਲੂਮਨੀ ਮੀਟ 27 ਫਰਵਰੀ ਨੂੰ ਕਾਲਜ ਕੰਪਲੈਕਸ ਵਿਚ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਵਿਚ ਦੇਸ਼-ਵਿਦੇਸ਼ ਤੋਂ ਕਾਲਜ ਦੇ ਵੱਡੀ ਗਿਣਤੀ ਵਿਚ ਸਾਬਕਾ ਵਿਦਿਆਰਥੀ ਸ਼ਿਰਕਤ ਕਰਨਗੇ | ਜਾਣਕਾਰੀ ਸਾਂਝੀ ਕਰਦਿਆਂ ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਦੱਸਿਆ ਕਿ ਕਾਲਜ ਵਿਚ ਪੜ੍ਹ ਕੇ ਅੱਜ ਉੱਚ ਅਹੁਦਿਆਂ 'ਤੇ ਬਿਰਾਜਮਾਨ ਸ਼ਖ਼ਸੀਅਤਾਂ ਦਾ ਇਸ ਮੌਕੇ ਸਤਿਕਾਰ ਕੀਤਾ ਜਾਵੇਗਾ ਅਤੇ ਸਾਬਕਾ ਵਿਦਿਆਰਥੀ ਨਵੇਂ ਵਿਦਿਆਰਥੀਆਂ ਨਾਲ ਆਪਣੀ ਜ਼ਿੰਦਗੀ ਦੇ ਕੀਮਤੀ ਤਜਰਬੇ ਸਾਂਝੇ ਕਰਨਗੇ, ਜੋ ਉਨ੍ਹਾਂ ਲਈ ਪੇ੍ਰਰਨਾ ਸ੍ਰੋਤ ਸਾਬਤ ਹੋਣਗੇ | ਉਨ੍ਹਾਂ ਦੱਸਿਆ ਕਿ ਕਾਲਜ ਦੇ ਪ੍ਰਬੰਧਕਾਂ ਅਤੇ ਸਟਾਫ਼ ਨੂੰ ਇਸ ਗੱਲ 'ਤੇ ਮਾਣ ਹੈ ਕਿ ਕਾਲਜ ਦੇ ਸਾਬਕਾ ਵਿਦਿਆਰਥੀ ਦੇਸ਼-ਵਿਦੇਸ਼ ਵਿਚ ਆਪਣੀ ਸਖ਼ਤ ਮਿਹਨਤ ਨਾਲ ਮੱਲ੍ਹਾਂ ਮਾਰ ਰਹੇ ਹਨ ਅਤੇ ਭਾਰਤ ਵਿਚ ਵੱਖ-ਵੱਖ ਰਾਜਨੀਤਕ, ਸਮਾਜ ਸੇਵੀ, ਸਰਕਾਰੀ ਅਤੇ ਗੈਰ-ਸਰਕਾਰੀ ਉੱਚ ਅਹੁਦਿਆਂ 'ਤੇ ਸੇਵਾਵਾਂ ਨਿਭਾ ਕੇ ਸਮਾਜ ਦੀ ਬਾਖ਼ੂਬੀ ਸੇਵਾ ਕਰ ਰਹੇ ਹਨ | ਉਨ੍ਹਾਂ ਸਾਰੇ ਸਾਬਕਾ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੀਟ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ | ਇਸ ਮੌਕੇ ਅਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਲੂਮਨੀ ਮੀਟ ਦੌਰਾਨ ਸਾਡੇ ਸਾਬਕਾ ਵਿਦਿਆਰਥੀ ਜਿੱਥੇ ਆਪਣੇ ਜੀਵਨ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਬਾਰੇ ਸਾਂਝ ਪਾਉਣਗੇ, ਉੱਥੇ ਨਾਲ ਹੀ ਉਹ ਆਪਣੇ ਵਿਦਿਆਰਥੀ ਜੀਵਨ ਨਾਲ ਜੁੜੀਆਂ ਸੁਹਾਵਣੀਆਂ ਯਾਦਾਂ ਵੀ ਸਾਂਝੀਆਂ ਕਰਨਗੇ | ਇਸ ਮੌਕੇ ਮਾਤਾ ਗੁਜਰੀ ਕਾਲਜ ਐਕਸ ਸਟੂਡੈਂਟ ਐਸੋਸੀਏਸ਼ਨ ਦੇ ਵਰਲਡ ਵਾਈਡ ਪ੍ਰਧਾਨ ਪਿ੍ਤਪਾਲ ਸਿੰਘ ਬਾਲੂ ਅਮਰੀਕਾ ਨੇ ਵਿਦੇਸ਼ਾਂ ਵਿਚ ਵੱਸਦੇ ਕਾਲਜ ਦੇ ਸਾਬਕਾ ਵਿਦਿਆਰਥੀਆਂ ਨੂੰ ਇਸ ਸਾਲ ਹੋ ਰਹੀ ਅਲੂਮਨੀ ਮੀਟ ਵਿਚ ਸ਼ਿਰਕਤ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਸਾਬਕਾ ਵਿਦਿਆਰਥੀਆਂ ਲਈ ਇਹ ਇਕ ਸੁਨਹਿਰੀ ਮੌਕਾ ਹੈ ਕਿ ਉਹ ਆਪਣੀ ਜਨਮ ਭੂਮੀ 'ਤੇ ਆ ਕੇ ਉਸ ਸੰਸਥਾ ਵਿਚ ਹਾਜ਼ਰੀ ਭਰਨ, ਜਿੱਥੋਂ ਉਨ੍ਹਾਂ ਨੇ ਸਿੱਖਿਆ ਪ੍ਰਾਪਤ ਕਰਕੇ ਜੀਵਨ ਵਿਚ ਉੱਚੇ ਮੁਕਾਮ ਹਾਸਲ ਕੀਤੇ ਹਨ | ਇਸ ਦੇ ਨਾਲ ਹੀ ਉਨ੍ਹਾਂ ਨੇ ਸਾਬਕਾ ਵਿਦਿਆਰਥੀਆਂ ਨੂੰ ਕਾਲਜ ਦੇ ਲੋੜਵੰਦ ਵਿਦਿਆਰਥੀਆਂ ਲਈ ਸਕਾਲਰਸ਼ਿਪ ਦੇ ਰੂਪ ਵਿਚ ਮਾਲੀ ਸਹਾਇਤਾ ਪ੍ਰਦਾਨ ਕਰਨ ਦੀ ਵੀ ਅਪੀਲ ਕੀਤੀ |