ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦਪਾਲ ਸਿੰਘ ਵਲੋਂ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕਰਕੇ ਸਿਹਤ ਵਿਭਾਗ ਵਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ ਅਤੇ ਇਨ੍ਹਾਂ ਸੇਵਾਵਾਂ ਨੂੰ ਲੋਕਾਂ ਤੱਕ ਹੋਰ ਬਿਹਤਰ ਢੰਗ ਨਾਲ ਪਹੁੰਚਾਉਣ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ | ਮੀਟਿੰਗ ਦੌਰਾਨ ਸਿਵਲ ਸਰਜਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਏਰੀਏ ਵਿਚ ਸਿਹਤ ਸੈਂਟਰਾਂ ਦੀ ਸਮੇਂ-ਸਮੇਂ ਤੇ ਸਪੋਰਟਿਵ ਸੁਪਰਵਿਜ਼ਨ ਕਰਨੀ ਯਕੀਨੀ ਬਣਾਉਣ, ਤਾਂ ਜੋ ਲੋਕਾਂ ਤੱਕ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਸਾਰੇ ਸਿਹਤ ਪੋ੍ਰਗਰਾਮਾਂ ਦੇ ਮਹੀਨਾਵਾਰੀ ਟੀਚੇ ਪੂਰੇ ਕੀਤੇ ਜਾਣ ਤੇ ਇਸ ਦੀ ਰਿਪੋਰਟ ਜ਼ਿਲ੍ਹਾ ਪੱਧਰ 'ਤੇ ਸਮੇਂ ਸਿਰ ਭੇਜੀ ਜਾਵੇ ਤੇ ਸਾਰੀਆਂ ਸਿਹਤ ਸੰਸਥਾਵਾਂ ਵਿਚ ਦਵਾਈਆਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾਵੇ | ਸਿਵਲ ਸਰਜਨ ਨੇ ਕਿਹਾ ਕਿ ਟੀ.ਬੀ. ਦੀ ਰੋਕਥਾਮ, ਮਲੇਰੀਆ, ਡੇਂਗੂ, ਚਿਕਨਗੁਨੀਆ ਦੀ ਰੋਕਥਾਮ ਅਤੇ ਹਰੇਕ ਸਿਹਤ ਕੇਂਦਰ ਪੱਧਰ 'ਤੇ ਐਨ.ਸੀ.ਡੀ. ਅਤੇ ਕੈਂਸਰ ਸਕ੍ਰੀਨਿੰਗ ਕਰਨੀ ਯਕੀਨੀ ਬਣਾਈ ਜਾਵੇ ਤਾਂ ਕਿ ਸਮਾਂ ਰਹਿੰਦੇ ਲੋਕਾਂ ਦਾ ਸਹੀ ਇਲਾਜ ਕੀਤਾ ਜਾ ਸਕੇ | ਸਿਵਲ ਸਰਜਨ ਨੇ ਕਿਹਾ ਕਿ ਲੋਕ ਹਿੱਤ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਜਨ-ਜਾਗਰੂਕਤਾ ਵਧਾਉਣ ਲਈ ਆਈ.ਈ.ਸੀ. ਤੇ ਬੀ.ਸੀ.ਸੀ. ਗਤੀਵਿਧੀਆਂ ਤੇਜ਼ ਕੀਤੀਆਂ ਜਾਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਿਹਤ ਸਕੀਮਾਂ ਅਤੇ ਸਿਹਤ ਸੇਵਾਵਾਂ ਪ੍ਰਤੀ ਜਾਗਰੂਕ ਕਰਦੇ ਹੋਏ ਇਨ੍ਹਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਜਾਵੇ | ਇਸ ਮੌਕੇ 'ਤੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਪਾਰੁਲ ਗੁਪਤਾ, ਜ਼ਿਲ੍ਹਾ ਐਪੀਡਿਮੋਜਿਸਟ ਡਾ. ਪ੍ਰਭਜੋਤ ਕੌਰ, ਡਾ. ਕਸੀਤਿਜ ਸੀਮਾ, ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ ਆਦਿ ਤੋਂ ਇਲਾਵਾ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਹਾਜ਼ਰ ਸਨ |