ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਪੀ.ਡਬਲਯੂ.ਡੀ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੜਕਾਂ ਦਾ ਕੰਮ ਪੂਰਾ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਭਰੋਸਾ ਦਿਵਾਇਆ ਗਿਆ ਕਿ ਉਹ ਸਮਾਂ ਸੀਮਾ ਵਿਚ ਹੀ ਕੰਮ ਨੂੰ ਪੂਰਾ ਕਰਨਗੇ | ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ 90 ਫ਼ੀਸਦੀ ਸੜਕਾਂ ਨੂੰ ਬਣਾਉਣ ਦੇ ਲਈ ਪ੍ਰਵਾਨਗੀ ਦਿੱਤੀ ਗਈ ਹੈ | ਜਿਨ੍ਹਾਂ 'ਚੋਂ ਕਾਫ਼ੀ ਸੜਕਾਂ ਬਣ ਚੁੱਕੀਆਂ ਹਨ ਅਤੇ ਜੋ ਸੜਕਾਂ ਰਹਿੰਦੀਆਂ ਹਨ, ਉਨ੍ਹਾਂ ਨੂੰ ਆਉਣ ਵਾਲੇ 2 ਮਹੀਨਿਆਂ 'ਚ ਪੂਰਾ ਕਰਨ ਦੀ ਕੋਸ਼ਿਸ਼ ਕਰਾਂਗੇ | ਉਨ੍ਹਾਂ ਕਿਹਾ ਕਿ ਜਿੱਥੇ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਉੱਥੇ ਹੀ ਸੜਕਾਂ ਨੂੰ ਪੰਜ ਸਾਲ ਤੱਕ ਇਸੇ ਤਰ੍ਹਾਂ ਬਣਾਈ ਰੱਖਣ ਦੇ ਲਈ ਠੇਕੇਦਾਰਾਂ ਨੂੰ ਜ਼ਿੰਮੇਵਾਰ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ, ਉਹ ਪਹਿਲੀ ਸਰਕਾਰ ਹੈ, ਜੋ ਜਨਤਾ ਦੇ ਪੈਸੇ ਨੂੰ ਸਹੀ ਤਰੀਕੇ ਨਾਲ ਵਰਤ ਰਹੀ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਇਸ ਗੱਲ 'ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਅਤੇ ਸਮਝਣਾ ਚਾਹੀਦਾ ਹੈ ਕਿ ਜੋ ਵਿਰੋਧੀ ਪਾਰਟੀਆਂ ਮੌਜੂਦਾ ਸਰਕਾਰ ਦੇ ਖ਼ਿਲਾਫ਼ ਪ੍ਰਚਾਰ ਕਰ ਰਹੀਆਂ ਹਨ, ਉਨ੍ਹਾਂ ਨੇ ਆਪਣੇ ਰਾਜ 'ਚ ਸੂਬੇ ਲਈ ਕੀ ਕੀਤਾ ਹੈ? ਉਨ੍ਹਾਂ ਕਿਹਾ ਕਿ ਭਾਜਪਾ ਪੂਰੀ ਤਰ੍ਹਾਂ ਨਾਲ ਸੂਬਾ ਵਿਰੋਧੀ ਹੈ, ਜਿਸ ਵਲੋਂ ਜਿੱਥੇ ਸੂਬੇ ਦਾ ਕਰੋੜਾਂ ਰੁਪਇਆ ਰੋਕ ਕੇ ਲੋਕਾਂ ਨੂੰ ਪ੍ਰੇਸ਼ਾਨ ਹੋਣ ਲਈ ਛੱਡਿਆ ਗਿਆ ਹੈ, ਉੱਥੇ ਹੀ ਨਵੇਂ-ਨਵੇਂ ਕਾਨੂੰਨ ਬਣਾ ਕੇ ਪੰਜਾਬ ਦੇ ਹੱਕਾਂ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਭਾਜਪਾ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬ ਹਮੇਸ਼ਾ ਹੀ ਡਿੱਗ-ਡਿੱਗ ਕੇ ਉੱਠਦਾ ਰਿਹਾ ਹੈ, ਦੁਬਾਰਾ ਫਿਰ ਉੱਠੇਗਾ | ਜਿਸ ਕਾਰਨ ਭਾਜਪਾ ਨੂੰ ਮੂੰਹ ਦੀ ਖਾਣੀ ਪਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀ.ਡਬਲਯੂ.ਡੀ ਦੇ ਐਕਸੀਅਨ ਕਰਨ ਮਿੱਤਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਿੰਦਰ ਸਿੰਘ, ਸੀਨੀਅਰ 'ਆਪ' ਆਗੂ ਕੁਲਵਿੰਦਰ ਸਿੰਘ ਡੇਰਾ, ਰਾਜਦਵਿੰਦਰ ਲਾਡੀ, ਡਾ. ਬਲਜਿੰਦਰ ਸਿੰਘ, ਰਮੇਸ਼ ਸੋਨੂੰ, ਪੀ.ਏ. ਬਹਾਦਰ ਖ਼ਾਨ, ਪਿ੍ਤਪਾਲ ਜੱਸੀ ਵੀ ਹਾਜ਼ਰ ਸਨ |