ਗ਼ਲਤ ਪਾਰਕਿੰਗ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਪੁਲਿਸ ਦਾ ਸਖ਼ਤ ਐਕਸ਼ਨ
ਅਜੀਤ ਡੈਸਕ
26-02-2026
ਇਸ ਮੌਕੇ ਡੀ.ਐਸ.ਪੀ ਇੰਦਰਪ੍ਰੀਤ ਸਿੰਘ ਨੇ ਵਾਹਨ ਚਾਲਕਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਆਵਾਜਾਈ ਵਿਚ ਵਿਘਨ ਪਾਉਣ ਵਾਲੇ ਵਾਹਨ ਚਾਲਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਜਿਨ੍ਹਾਂ ਕਾਰਨ ਹੋਰਨਾਂ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਵਾਹਨ ਚਾਲਕਾਂ ਨੂੰ ਆਵਾਜਾਈ ਨਿਯਮਾਂ ਦੀ ਇਮਾਨਦਾਰੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਆਪਣੇ ਵਾਹਨ ਸਹੀ ਜਗ੍ਹਾ 'ਤੇ ਖੜ੍ਹੇ ਕੀਤੇ ਜਾਣ, ਜਿਸ ਨਾਲ ਕਿਸੇ ਹੋਰ ਵਾਹਨ ਚਾਲਕ ਨੂੰ ਪੇ੍ਰਸ਼ਾਨੀ ਨਾ ਹੋਵੇ | ਉਨ੍ਹਾਂ ਕਿਹਾ ਕਿ ਇਹ ਕਾਰਵਾਈ ਨਿਰੰਤਰ ਜਾਰੀ ਰਹੇਗੀ ਅਤੇ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਭੀੜ ਭੜੱਕੇ ਵਾਲੇ ਇਲਾਕਿਆਂ, ਬਾਜ਼ਾਰਾਂ, ਸਰਕਾਰੀ ਦਫ਼ਤਰਾਂ ਦੇ ਨੇੜੇ ਅਤੇ ਮੁੱਖ ਸੜਕਾਂ 'ਤੇ ਖ਼ਾਸ ਤੌਰ 'ਤੇ ਚੈਕਿੰਗ ਕੀਤੀ ਜਾਵੇਗੀ | ਇਸ ਦੌਰਾਨ ਜਿਹੜੇ ਵੀ ਵਾਹਨ ਨੋ-ਪਾਰਕਿੰਗ ਜ਼ੋਨ, ਸੜਕਾਂ ਦੇ ਵਿਚਕਾਰ ਜਾਂ ਅੜਿੱਕੇ ਵਾਲੀਆਂ ਥਾਵਾਂ 'ਤੇ ਖੜ੍ਹੇ ਮਿਲਣਗੇ, ਉਨ੍ਹਾਂ ਦੇ ਚਲਾਨ ਕੱਟੇ ਜਾਣਗੇ | ਉਨ੍ਹਾਂ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ, ਕਿ ਕੁਝ ਵਾਹਨ ਚਾਲਕ ਬੇਪ੍ਰਵਾਹ ਹੋ ਕੇ ਆਪਣੇ ਵਾਹਨ ਸੜਕਾਂ 'ਤੇ ਜਾਂ ਗਲੀਆਂ ਵਿਚ ਖੜ੍ਹੇ ਕਰ ਦਿੰਦੇ ਹਨ | ਜਿਸ ਨਾਲ ਨਾ ਕੇਵਲ ਆਵਾਜਾਈ ਪ੍ਰਭਾਵਿਤ ਹੁੰਦੀ ਹੈ, ਸਗੋਂ ਕੋਈ ਹਾਦਸਾ ਵਾਪਰਨ ਦਾ ਡਰ ਵੀ ਬਣਿਆ ਰਹਿੰਦਾ ਹੈ ਅਤੇ ਐਮਰਜੈਂਸੀ ਵਾਹਨਾਂ ਦੀ ਆਵਾਜਾਈ ਵਿਚ ਵੀ ਰੁਕਾਵਟ ਪੈਦਾ ਹੁੰਦੀ ਹੈ | ਅਜਿਹੇ ਵਾਹਨ ਚਾਲਕਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ | ਇਸ ਮੌਕੇ 'ਤੇ ਇੰਸਪੈਕਟਰ ਸੁਰਿੰਦਰ ਕੁਮਾਰ, ਰਾਜਵਿੰਦਰ ਸਿੰਘ, ਸਹਾਇਕ ਥਾਣੇਦਾਰ ਕਪਿਲ ਕੁਮਾਰ ਅਤੇ ਹੋਰ ਮੁਲਾਜ਼ਮ ਵੀ ਹਾਜ਼ਰ ਸਨ |