ਅਮਲੋਹ, 26 ਫਰਵਰੀ (ਕੇਵਲ ਸਿੰਘ)-ਅੱਜ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੰਗਾ ਪੁਰੀ ਦੇ ਦਫ਼ਤਰ ਅਮਲੋਹ ਵਿਖੇ ਪਹੁੰਚੇ | ਇਸ ਮੌਕੇ ਗੰਗਾ ਪੁਰੀ ਦੀ ਅਗਵਾਈ ਹੇਠ ਸ਼ੈਲਰ ਐਸੋਸੀਏਸ਼ਨ ਦੇ ਵਫ਼ਦ ਨੇ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਕਾਕਾ ਰਣਦੀਪ ਸਿੰਘ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ ਅਤੇ ਇਕ ਮੰਗ ਪੱਤਰ ਵੀ ਸੌਂਪਿਆ | ਵਫ਼ਦ ਨੇ ਦੱਸਿਆ ਕਿ ਚੌਲ ਲਗਾਉਣ ਲਈ ਜਗ੍ਹਾ ਨਹੀਂ ਮਿਲ ਰਹੀ, ਜਿਸ ਕਰਕੇ ਸ਼ੈਲਰ ਮਾਲਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਸ਼ੈਲਰ ਮਾਲਕਾਂ ਦੀਆਂ ਜਾਇਜ਼ ਮੰਗਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ | ਉਨ੍ਹਾਂ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ | ਇਸ ਮੌਕੇ ਤੇ ਡਾ. ਕਰਨੈਲ ਸਿੰਘ, ਗੰਗਾ ਪੁਰੀ, ਸ਼ੈਲਰ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਰਾਕੇਸ਼ ਕੁਮਾਰ ਗਰਗ, ਅਨਿਲ ਲੁਟਾਵਾ, ਸਿੰਦਰਮੋਹਨ ਪੁਰੀ, ਨਰਿੰਦਰ ਬਾਂਸਲ, ਮੋਹਿਤ ਬਾਂਸਲ ਅਤੇ ਕਰਮਜੀਤ ਸਿੰਘ ਆਦਿ ਮੌਜੂਦ ਸਨ |