ਫ਼ਤਹਿਗੜ੍ਹ ਸਾਹਿਬ, 26 ਫਰਵਰੀ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰ ਅੰਦੇਸ਼ੀ ਸੋਚ ਸਦਕਾ, ਸੂਬੇ 'ਚ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ ਤੇ ਲੋੜਵੰਦ ਲੋਕ ਮੁੱਖ ਮੰਤਰੀ ਸਿਹਤ ਯੋਜਨਾ ਦਾ ਪੂਰਾ ਲਾਭ ਲੈ ਰਹੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਸਮੇਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਚੇਅਰਮੈਨ ਰਾਜਾ ਨੇ ਦੱਸਿਆ ਕਿ ਉਹ ਵੱਖ-ਵੱਖ ਪਿੰਡਾਂ ਵਿਚ ਜਾ ਰਹੇ ਹਨ ਅਤੇ ਲੋਕਾਂ ਨੂੰ ਸਿਹਤ ਯੋਜਨਾ ਸਬੰਧੀ ਜਾਣਕਾਰੀ ਦੇ ਰਹੇ ਹਨ ਤਾਂ ਜੋ ਕੋਈ ਵੀ ਪਰਿਵਾਰ ਇਸ ਯੋਜਨਾ ਤੋਂ ਵਾਂਝਾ ਨਾ ਰਹੇ | ਉਨ੍ਹਾਂ ਦੱਸਿਆ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਤਕਰੀਬਨ ਸਾਰੇ ਪਿੰਡਾਂ ਵਿਚ ਮੁਫ਼ਤ, ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣ ਰਹੇ ਹਨ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਦੌਰਾਨ, ਲੋਕਾਂ ਨੇ ਦੱਸਿਆ ਕਿ ਲੋੜਵੰਦ ਲੋਕ ਇਸ ਯੋਜਨਾ ਅਧੀਨ ਆਪਣਾ ਇਲਾਜ ਵੀ ਕਰਵਾ ਰਹੇ ਹਨ ਤੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ 'ਚ ਉਨ੍ਹਾਂ ਨੂੰ ਇਲਾਜ ਦੀ ਸਹੂਲਤ ਮੁਫ਼ਤ ਮਿਲ ਰਹੀ ਹੈ | ਇਹ ਕਾਰਡ ਉਨ੍ਹਾਂ ਲਈ ਵਰਦਾਨ ਸਿੱਧ ਹੋ ਰਹੇ ਹਨ | ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਦੁਆਰਾ ਸੂਬੇ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਦਕਿ ਪਿਛਲੀਆਂ ਸਰਕਾਰਾਂ ਦੁਆਰਾ ਸਿਰਫ਼ ਵੋਟਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦੇ ਕੀਤੇ ਜਾਂਦੇ ਸਨ, ਇਸ ਮੌਕੇ 'ਤੇ ਹਰਸ਼ਦੀਪ ਸ਼ਰਮਾ, ਹਰਜਿੰਦਰ ਪੰਡਰਾਲੀ, ਰਜਿੰਦਰ ਸਿੰਘ ਖਰੌੜੀ, ਅਵਤਾਰ ਪੰਜੋਲਾ, ਗੁਰਜੀਤ ਛਲੇੜੀ ਤੇ ਸੰਨੀ ਚੌਪੜਾ ਆਦਿ ਹਾਜ਼ਰ ਸਨ |