ਫ਼ਤਹਿਗੜ੍ਹ ਸਹਿਬ, 26 ਫਰਵਰੀ (ਬਲਜਿੰਦਰ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕੁਮਾਰ ਅਮਲੋਹ ਅਤੇ ਪੈੱ੍ਰਸ ਸਕੱਤਰ ਰਣਜੀਤ ਸਿੰਘ ਬਰਵਾਲੀ ਨੇ ਦਫ਼ਤਰੀ ਮੁਲਾਜ਼ਮਾਂ 'ਤੇ ਲਾਠੀ ਚਾਰਜ ਕਰਨ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ | ਆਗੂਆਂ ਨੇ ਕਿਹਾ ਕਿ ਪੰਜਾਬ ਦੇ ਸਮੁੱਚੇ ਦਫ਼ਤਰ ਕਰਮਚਾਰੀਆਂ ਵਲੋਂ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਲਈ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਮੋਹਾਲੀ ਵਿਖੇ ਧਰਨਾ ਦਿੱਤਾ ਜਾ ਰਿਹਾ ਸੀ | ਜਿਸ ਦੌਰਾਨ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਦਫ਼ਤਰੀ ਕਰਮਚਾਰੀਆਂ ਉੱਪਰ ਲਾਠੀ ਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਦਫ਼ਤਰੀ ਕਰਮਚਾਰੀਆਂ ਦੀਆਂ ਤਨਖ਼ਾਹਾਂ ਦੇਣ ਲਈ ਕੇਂਦਰ ਸਰਕਾਰ ਵਲੋਂ ਤਨਖ਼ਾਹਾਂ ਦਾ 60 ਫ਼ੀਸਦੀ ਫ਼ੰਡ ਮਿਲਦਾ ਹੈ ਪਰ ਇਸ ਦੇ ਬਾਵਜੂਦ ਸੂਬਾ ਸਰਕਾਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਕੱਟਣ 'ਤੇ ਤੁਲੀ ਹੋਈ ਹੈ ਅਤੇ ਵਾਰ-ਵਾਰ ਵਾਅਦੇ ਕਰਕੇ ਮੁੱਕਰ ਰਹੀ ਹੈ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਦਫ਼ਤਰੀ ਕਰਮਚਾਰੀਆਂ ਦੀਆਂ ਤਨਖ਼ਾਹਾਂ ਕੱਟਣ ਦੀ ਬਜਾਏ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿਚ ਪੱਕੇ ਕਰਨ ਦੇ ਹੁਕਮ ਜਾਰੀ ਕਰਨੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਆਪਣਾ ਅੜੀਅਲ ਰਵਈਆ ਨਾ ਬਦਲਿਆ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਦਾ ਮੂੰਹ ਦੇਖਣਾ ਪਵੇਗਾ | ਇਸ ਮੌਕੇ ਅਮਰਜੀਤ ਸਿੰਘ, ਰਾਜਿੰਦਰ ਸਿੰਘ ਰਾਜਨ, ਰਣਜੀਤ ਸਿੰਘ, ਜਸਵੀਰ ਸਿੰਘ, ਰਜਿੰਦਰ ਸਿੰਘ, ਚਰਨਜੀਤ ਸਿੰਘ, ਵਰਿੰਦਰ ਕੁਮਾਰ ਪੁਰੀ, ਰਣਜੀਤ ਸਿੰਘ, ਜਸਵੀਰ ਸਿੰਘ ਵੀ ਹਾਜ਼ਰ ਸਨ |