ਫ਼ਤਹਿਗੜ੍ਹ ਸਾਹਿਬ, 5 ਮਾਰਚ (ਬਲਜਿੰਦਰ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਅੱਜ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਦੇ ਪਲਾਂਟ ਪ੍ਰਧਾਨ ਅਮਨਦੀਪ ਸਿੰਘ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਧਾਨ ਗੁਰਪਾਲ ਸਿੰਘ ਦੀ ਅਗਵਾਈ ਹੇਠ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਅਤੇ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੂੰ ਸਾਂਝੇ ਤੌਰ 'ਤੇ ਠੇਕਾ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਸਬੰਧੀ ਮੰਗ ਪੱਤਰ ਸੌਂਪੇ ਗਏ | ਯੂਨੀਅਨ ਦੇ ਆਗੂਆਂ ਨੇ ਵਿਧਾਇਕਾਂ ਨੂੰ ਮੁਲਾਜ਼ਮਾਂ ਦੀਆਂ ਗੰਭੀਰ ਸਮੱਸਿਆਵਾਂ ਨੂੰ ਸਰਕਾਰ ਦੇ ਧਿਆਨ ਵਿਚ ਲਿਆ ਕੇ ਹੱਲ ਕਰਵਾਉਣ ਦੀ ਅਪੀਲ ਵੀ ਕੀਤੀ | ਆਗੂਆਂ ਨੇ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦੀ ਨੀਤੀ ਲਾਗੂ ਕੀਤੀ ਜਾਵੇ ਅਤੇ ਸਮਾਜਿਕ ਸੁਰੱਖਿਆ ਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣ | ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਬਸੀ ਪਠਾਣਾਂ ਪਲਾਂਟ ਦੇ ਜਨਰਲ ਸਕੱਤਰ ਪੁਨੀਤ ਸ਼ਰਮਾ, ਸੀਵਰੇਜ ਬੋਰਡ ਦੇ ਪ੍ਰਧਾਨ ਕਰਨੈਲ ਸਿੰਘ, ਤੇਜਿੰਦਰ ਸਿੰਘ, ਰਣਧੀਰ ਸਿੰਘ, ਸਤਵਿੰਦਰ ਸਿੰਘ, ਗੁਰਤੇਜ ਸਿੰਘ, ਰਮਨਦੀਪ ਸਿੰਘ, ਸਹਿਜਪਾਲ ਸਿੰਘ, ਜਸਪਾਲ ਸਿੰਘ, ਹਰਦੀਪ ਸਿੰਘ, ਦਵਿੰਦਰ ਸਿੰਘ, ਨਿਰਮਲ ਸਿੰਘ, ਕੁਲਦੀਪ ਸਿੰਘ ਅਤੇ ਹੋਰ ਮੁਲਾਜ਼ਮ ਸਾਥੀ ਮੌਜੂਦ ਸਨ |