ਫ਼ਤਹਿਗੜ੍ਹ ਸਾਹਿਬ, 5 ਮਾਰਚ (ਬਲਜਿੰਦਰ ਸਿੰਘ)-ਹੋਲੀ ਦਾ ਤਿਉਹਾਰ ਫ਼ਤਹਿਗੜ੍ਹ ਸਾਹਿਬ ਅਤੇ ਸਰਹਿੰਦ ਵਿਚ ਹਰ ਵਰਗ ਦੇ ਲੋਕਾਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਦੌਰਾਨ ਆਪਸੀ ਭਾਈਚਾਰਕ ਸਾਂਝ ਦੇ ਪ੍ਰਤੀਕ ਰੰਗਾਂ ਤੇ ਖ਼ੁਸ਼ੀਆਂ ਦਾ ਤਿਉਹਾਰ ਹੋਲੀ ਮਨਾਉਂਦੇ ਹੋਏ ਇਕ ਦੂਜੇ ਦੇ ਰੰਗ ਲਗਾ ਕੇ ਵਧਾਈ ਦਿੱਤੀ ਗਈ | ਵੱਖ-ਵੱਖ ਥਾਵਾਂ 'ਤੇ ਲੋਕਾਂ ਨੇ ਇਕੱਠੇ ਹੋ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ | ਖ਼ਾਸਕਰ ਬੱਚਿਆਂ ਅਤੇ ਨੌਜਵਾਨਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ, ਉੱਥੇ ਹੀ ਔਰਤਾਂ ਵਲੋਂ ਵੀ ਹੋਲੀ ਦਾ ਤਿਉਹਾਰ ਮਨਾਉਂਦੇ ਹੋਏ ਇਕ ਦੂਜੇ ਦੇ ਗੁਲਾਲ ਲਗਾ ਕੇ ਖ਼ੁਸ਼ੀ ਸਾਂਝੀ ਕੀਤੀ ਗਈ | ਓਧਰ ਦੂਜੇ ਪਾਸੇ ਥਾਣਾ ਫ਼ਤਹਿਗੜ੍ਹ ਸਾਹਿਬ ਦੀਆਂ ਪੁਲਿਸ ਪਾਰਟੀਆਂ ਵਲੋਂ ਵੱਖ-ਵੱਖ ਥਾਵਾਂ ਨਾਕੇ ਲਗਾ ਕੇ ਹੁੱਲੜਬਾਜ਼ੀ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ |