ਫ਼ਤਹਿਗੜ੍ਹ ਸਾਹਿਬ, 5 ਮਾਰਚ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਪਿੰਡ ਸੈਂਪਲਾ ਨਾਲ ਸਬੰਧਿਤ ਪਾਰਟੀ ਦੇ ਕਾਨੂੰਨੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਰਵਿੰਦਰ ਸਿੰਘ ਸੈਂਪਲਾ ਨੂੰ ਪਾਰਟੀ ਦਾ ਕੌਮੀ ਬੁਲਾਰਾ ਨਿਯੁਕਤ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ਐਡਵੋਕੇਟ ਸੈਂਪਲਾ ਪਹਿਲਾਂ ਵੀ ਪਾਰਟੀ ਦੇ ਬੁਲਾਰੇ ਵਜੋਂ ਸੇਵਾਵਾਂ ਨਿਭਾਅ ਰਹੇ ਸਨ ਤੇ ਉਨ੍ਹਾਂ ਦੀ ਪਾਰਟੀ ਪ੍ਰਤੀ ਵਚਨਬੱਧਤਾ ਤੇ ਕਾਰਗੁਜ਼ਾਰੀ ਨੂੰ ਦੇਖਦਿਆਂ ਕੌਮੀ ਬੁਲਾਰੇ ਵਜੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਮੌਕੇ ਐਡਵੋਕੇਟ ਸੈਂਪਲਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਦੀ ਇਸ ਨਿਯੁਕਤੀ ਨਾਲ ਹਲਕਾ ਬਸੀ ਪਠਾਣਾਂ ਦੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ |