ਫ਼ਤਹਿਗੜ੍ਹ ਸਾਹਿਬ, 5 ਮਾਰਚ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਾਲ ਹੀ ਵਿਚ ਕੀਤੀਆਂ ਨਵੀਆਂ ਨਿਯੁਕਤੀਆਂ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੂੰ ਪਾਰਟੀ ਦੇ ਬੁਲਾਰੇ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ | ਦੱਸਣਯੋਗ ਹੈ ਕਿ ਐਡਵੋਕੇਟ ਧਾਰਨੀ ਪਹਿਲਾਂ ਵੀ ਪਾਰਟੀ ਦੇ ਬੁਲਾਰੇ ਵਜੋਂ ਸੇਵਾਵਾਂ ਨਿਭਾਅ ਰਹੇ ਹਨ | ਇਸ ਨਿਯੁਕਤੀ ਤੋਂ ਬਾਅਦ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇ. ਅਵਤਾਰ ਸਿੰਘ ਰਿਆ ਨੇ ਐਡਵੋਕੇਟ ਧਾਰਨੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਜਿੱਥੇ ਵਕਾਲਤ ਪੇਸ਼ੇ ਵਿਚ ਇਕ ਸੁਲਝੇ ਹੋਏ ਵਕੀਲ ਹਨ, ਉੱਥੇ ਹੀ ਸਿਆਸਤ ਦੇ ਖੇਤਰ ਵਿਚ ਉਨ੍ਹਾਂ ਨੂੰ ਲੰਮਾ ਤਜਰਬਾ ਹਾਸਲ ਹੈ, ਕਿਉਂਕਿ ਉਨ੍ਹਾਂ ਨੂੰ ਪਾਰਟੀ ਦੇ ਸੀਨੀਅਰ ਟਕਸਾਲੀ ਆਗੂਆਂ, ਖ਼ਾਸਕਰ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਰਹਿਨੁਮਾਈ ਹੇਠ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨਿਭਾਉਣ ਦਾ ਮਾਣ ਹਾਸਲ ਹੈ | ਉਨ੍ਹਾਂ ਉਮੀਦ ਪ੍ਰਗਟਾਈ ਕਿ ਐਡਵੋਕੇਟ ਧਾਰਨੀ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀਕਲਾ ਲਈ ਹੋਰ ਵੀ ਉਤਸ਼ਾਹ ਨਾਲ ਸੇਵਾਵਾਂ ਨਿਭਾਉਣਗੇ | ਇਸ ਮੌਕੇ ਐਡਵੋਕੇਟ ਧਾਰਨੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਅਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਘਰ-ਘਰ ਜਾ ਕੇ ਪ੍ਰਚਾਰ ਕਰਨਗੇ | ਇਸ ਤੋਂ ਪਹਿਲਾਂ ਐਡਵੋਕੇਟ ਧਾਰਨੀ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਵੀ ਕੀਤਾ | ਇਸ ਮੌਕੇ ਜਥੇ. ਸੁਰਜੀਤ ਸਿੰਘ ਗੜ੍ਹੀ ਅਤੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇ. ਅਵਤਾਰ ਸਿੰਘ ਰਿਆ ਵਲੋਂ ਐਡਵੋਕੇਟ ਧਾਰਨੀ ਨੂੰ ਪਾਰਟੀ ਦੇ ਮੁੱਖ ਬੁਲਾਰੇ ਵਜੋਂ ਜ਼ਿੰਮੇਵਾਰੀ ਮਿਲਣ 'ਤੇ ਸਨਮਾਨਿਤ ਵੀ ਕੀਤਾ ਗਿਆ |