ਫ਼ਤਹਿਗੜ੍ਹ ਸਾਹਿਬ, 10 ਮਾਰਚ (ਮਨਪ੍ਰੀਤ ਸਿੰਘ)-ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਮਹੀਨਾਵਾਰ ਮੀਟਿੰਗ ਕੀਤੀ | ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਲੰਬਿਤ ਪਏ ਇੰਤਕਾਲ, ਜਮ੍ਹਾਬੰਦੀ, ਕੋਰਟ ਕੇਸਾਂ, ਆਡਿਟ ਪੈਰੇ ਆਦਿ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਜਾਰੀ ਕੀਤੇ | ਉਨ੍ਹਾਂ ਜ਼ਿਲ੍ਹਾ ਮਾਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਰੋਜ਼ਾਨਾ ਪੱਧਰ 'ਤੇ ਵਿਭਾਗੀ ਕਾਰਗੁਜ਼ਾਰੀ ਦੀ ਆਪਣੇ ਪੱਧਰ 'ਤੇ ਸਮੀਖਿਆ ਕੀਤੀ ਜਾਵੇ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰੇਕ ਕੰਮ ਨੂੰ ਮਿੱਥੇ ਸਮੇਂ ਨਾਲ ਨਜਿੱਠਿਆ ਜਾਵੇ ਤਾਂ ਜੋ ਲੋਕਾਂ ਨੂੰ ਸਬ ਡਵੀਜ਼ਨ ਜਾਂ ਜ਼ਿਲ੍ਹਾ ਪੱਧਰ 'ਤੇ ਤਹਿਸੀਲਾਂ ਅੰਦਰ ਕੋਈ ਸਮੱਸਿਆ ਪੇਸ਼ ਨਾ ਆਵੇ | ਡਾ. ਥਿੰਦ ਨੇ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਤੋਂ ਪਹਿਲਾ ਸੀਵਰੇਜ ਸਿਸਟਮ ਦੀ ਸਫ਼ਾਈ ਦਾ ਕੰਮ ਮੁਕੰਮਲ ਕੀਤਾ ਜਾਵੇ | ਸ਼ਹਿਰੀ ਅਤੇ ਪੇਂਡੂ ਖੇਤਰ ਵਿਚ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਹੋਵੇ, ਇਸ ਦੇ ਲਈ ਸਬੰਧਿਤ ਅਧਿਕਾਰੀ ਪਾਣੀ ਦੀ ਪਾਈਪ ਲਾਈਨ, ਟੈਂਕੀਆਂ ਦੀ ਸਪਲਾਈ ਆਦਿ ਦਾ ਨਿਰੀਖਣ ਕਰਦੇ ਰਹਿਣ | ਉਨ੍ਹਾਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਪਿੰਡ ਪੱਧਰ 'ਤੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਵਿਚ ਤੇਜ਼ੀ ਲਿਆਉਣ ਅਤੇ ਮੁਕੰਮਲ ਹੋਏ ਕੰਮਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕੋਲ ਭੇਜਣ ਦੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਬੀ.ਡੀ.ਪੀ.ਓਜ਼ ਮਗਨਰੇਗਾ ਕਾਮਿਆਂ ਦੀ 31 ਮਾਰਚ ਤੱਕ ਈ.ਕੇ.ਵਾਈ.ਸੀ ਲਾਜ਼ਮੀ ਕਰਵਾਉਣਾ ਯਕੀਨੀ ਬਣਾਉਣ | ਉਨ੍ਹਾਂ ਪੇਂਡੂ ਖੇਤਰ ਦੇ ਚੱਲ ਰਹੇ ਅਤੇ ਮੁਕੰਮਲ ਹੋਏ ਕਾਰਜਾਂ ਦੀ ਜੀਊ ਟੈਗਿੰਗ ਕਰਵਾਉਣ ਦੀ ਵੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਗ੍ਰਾਮੀਣ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਦੂਜੀ ਅਤੇ ਤੀਜੀ ਕਿਸ਼ਤ ਸਮੇਂ ਨਾਲ ਜਾਰੀ ਕੀਤੀ ਜਾਵੇ, ਤਾਂ ਜੋ ਯੋਗ ਲਾਭਪਾਤਰੀ ਦੇ ਘਰ ਦੀ ਉਸਾਰੀ ਬਿਨਾਂ ਦੇਰੀ ਮੁਕੰਮਲ ਹੋ ਸਕੇ | ਡੀ.ਸੀ ਨੇ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਵਾਟਰ ਟਰੀਟਮੈਂਟ ਪਲਾਂਟ (ਨਹਿਰੀ ਪਾਣੀ) ਦੇ ਕੰਮ ਨੂੰ ਪਹਿਲਕਦਮੀ ਨਾਲ ਮੁਕੰਮਲ ਕਰਵਾਇਆ ਜਾਵੇ | ਪੀਣ ਵਾਲੇ ਪਾਣੀ ਦੀ ਸੈਂਪਲਿੰਗ ਲਾਜ਼ਮੀ ਯਕੀਨੀ ਬਣਾਈ ਜਾਵੇ ਅਤੇ ਪਾਣੀ ਦੇ ਨਜਾਇਜ਼ ਕੁਨੈਕਸ਼ਨ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਉਨ੍ਹਾਂ ਕਿਹਾ ਕਿ ਪ੍ਰਾਪਰਟੀ ਟੈਕਸ ਨਾ ਦੇਣ ਵਾਲਿਆਂ ਦੇ ਖ਼ਿਲਾਫ਼ ਮਿਊਾਸੀਪਲ ਐਕਟ ਅਨੁਸਾਰ ਕਾਰਵਾਈ ਆਰੰਭੀ ਜਾਵੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸੂਬਾ ਸਿੰਘ, ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਬਸੀ ਪਠਾਣਾਂ ਹਰਵੀਰ ਕੌਰ, ਅਮਲੋਹ ਚਰਨਜੋਤ ਸਿੰਘ ਵਾਲੀਆ, ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼ੰਕਰ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਸਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |