ਫ਼ਤਹਿਗੜ੍ਹ ਸਾਹਿਬ, 10 ਮਾਰਚ (ਰਾਜਿੰਦਰ ਸਿੰਘ)-ਸੂਬੇ ਅੰਦਰ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਐਚ.ਪੀ.ਵੀ ਟੀਕਾਕਰਨ ਮੁਹਿੰਮ ਵਿੱਢੀ ਗਈ ਹੈ | ਜ਼ਿਲੇ੍ਹ ਵਿਚ 14 ਤੋਂ 15 ਸਾਲ ਤੱਕ ਦੀ ਉਮਰ ਦੀਆਂ ਸਾਰੀਆਂ ਲੜਕੀਆਂ ਨੂੰ ਇਹ ਟੀਕਾ ਜ਼ਰੂਰ ਲਗਵਾਇਆ ਜਾਵੇ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਾਸਕ ਫੋਰਸ (ਟੀਕਾਕਰਨ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ | ਉਨ੍ਹਾਂ ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ ਨੂੰ ਕਿਹਾ ਕਿ ਐਚ.ਪੀ.ਵੀ. ਟੀਕਾਕਰਨ ਮੁਹਿੰਮ ਨੂੰ ਸਫਲ ਬਣਾਉਣ ਲਈ ਪ੍ਰਭਾਵੀ ਐਕਸ਼ਨ ਪਲਾਨ ਤਿਆਰ ਕੀਤਾ ਜਾਵੇ | ਇਸ ਮੁਹਿੰਮ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਕੂਲਾਂ, ਸਰਕਾਰੀ ਅਦਾਰਿਆਂ, ਗੁਰਦੁਆਰਿਆਂ, ਮੰਦਰਾਂ, ਰੋਜ਼ਾ ਸ਼ਰੀਫ਼, ਬੱਸ ਅੱਡਿਆਂ ਅਤੇ ਪਬਲਿਕ ਥਾਵਾਂ 'ਤੇ ਜਾਗਰੂਕਤਾ ਪੋਸਟਰ ਲਗਾਏ ਜਾਣ | ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਸਵੇਰ ਦੀ ਸਭਾ ਵਿਚ ਐਚ.ਪੀ.ਵੀ ਟੀਕਾਕਰਨ ਸਬੰਧੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਣਕਾਰੀ ਦਿੱਤੀ ਜਾਵੇ | ਉਨ੍ਹਾਂ ਇਸਤਰੀ ਤੇ ਬਾਲ ਵਿਕਾਸ, ਪੰਚਾਇਤੀ ਰਾਜ, ਆਈ.ਐਮ. ਏ, ਐਨ.ਜੀ.ਓ, ਵਲੰਟਰੀ ਸੰਗਠਨ, ਕਿਰਤ ਅਤੇ ਉਦਯੋਗ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ, ਜੇ.ਐਸ.ਆਈ ਦੇ ਸਟੇਟ ਟੈਕਨੀਕਲ ਮੈਨੇਜਰ, ਚੰਡੀਗੜ੍ਹ ਤੋਂ ਡਾ. ਇਸ਼ਿਤਾ, ਸਮੂਹ ਸੀਨੀਅਰ ਮੈਡੀਕਲ ਅਫ਼ਸਰ ਹਾਜ਼ਰ ਸਨ |