ਫ਼ਤਹਿਗੜ੍ਹ ਸਾਹਿਬ, 10 ਮਾਰਚ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਮੁੱਖ ਬੁਲਾਰਾ ਤੇ ਸਿਆਸੀ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਬੀਤੇ ਕੱਲ੍ਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਇਕ ਸਮਾਗਮ ਨੂੰ ਲੈ ਕੇ ਪੈਦਾ ਹੋਏ ਵਿਵਾਦ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਉਪ ਕੁਲਪਤੀ ਅਤੇ ਪ੍ਰਬੰਧਕਾਂ ਵਲੋਂ ਵਿੱਦਿਅਕ ਅਦਾਰੇ ਦੇ ਮਾਹੌਲ ਨੂੰ ਜਾਣਬੁੱਝ ਕੇ ਗੰਧਲਾ ਕਰਨ ਅਤੇ ਪੰਜਾਬ ਦੇ ਅਮਨਮਈ ਮਾਹੌਲ ਨੂੰ ਤੀਲ੍ਹੀ ਲਗਾਉਣ ਦੇ ਅਮਲ ਕੀਤੇ ਜਾ ਰਹੇ ਹਨ | ਜਿਸ ਦੀ ਸ਼੍ਰੋਮਣੀ ਅਕਾਲੀ ਦਲ (ਅ) ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ | ਸ. ਟਿਵਾਣਾ ਨੇ ਕਿਹਾ ਕਿ ਯੂਨੀਵਰਸਿਟੀਆਂ, ਕਾਲਜ, ਸਕੂਲ ਅਤੇ ਹੋਰ ਵਿਦਿਅਕ ਤੇ ਤਕਨੀਕੀ ਅਦਾਰੇ ਸਮਾਜ ਵਿਚ ਦੁਨਿਆਵੀ ਗਿਆਨ ਵੰਡਦੇ ਹਨ | ਜਿੱਥੇ ਕੋਈ ਵੀ ਵਿਸ਼ੇਸ਼ ਦਿਨ ਮਨਾਉਣ ਜਾਂ ਸਮਾਜ ਪੱਖੀ ਪ੍ਰੋਗ੍ਰਾਮ ਕਰਵਾਉਣ ਸਮੇਂ ਫ਼ਿਰਕੂ ਸੋਚ ਰੱਖਣ ਵਾਲੇ ਸਿਆਸੀ ਜਮਾਤਾਂ ਦੇ ਆਗੂਆਂ ਨੂੰ ਦੂਰ ਰੱਖਣਾ ਚਾਹੀਦਾ ਹੈ | ਉਨ੍ਹਾਂ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਕਿ ਬੀਤੇ ਕੱਲ੍ਹ ਪੰਜਾਬ ਯੂਨੀਵਰਸਿਟੀ ਦੇ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਦਿਹਾੜੇ ਨੂੰ ਸਮਰਪਿਤ ਕਰਵਾਏ ਪ੍ਰੋਗਰਾਮ ਵਿਚ ਸਿੱਖ ਵਿਰੋਧੀ ਜਮਾਤ ਆਰ.ਐਸ.ਐਸ ਦੇ ਆਗੂਆਂ ਨੂੰ ਉਚੇਚੇ ਤੌਰ 'ਤੇ ਸੱਦ ਕੇ ਇਸ ਦੇ ਗੁੱਝੇ ਮਕਸਦ ਨੂੰ ਖ਼ੁਦ ਪ੍ਰਤੱਖ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਯੂਨੀਵਰਸਿਟੀ ਦੇ ਪ੍ਰਬੰਧਾਂ ਵਿਚ ਭਾਜਪਾ ਅਤੇ ਆਰ.ਐਸ.ਐਸ ਦੀ ਦਖ਼ਲਅੰਦਾਜ਼ੀ ਵਧ ਗਈ ਹੈ, ਜਿਸ ਕਾਰਨ ਉੱਥੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ | ਜਿਸ ਦੇ ਮਾੜੇ ਨਤੀਜੇ ਸਾਹਮਣੇ ਆ ਰਹੇ ਹਨ |