ਫ਼ਤਹਿਗੜ੍ਹ ਸਾਹਿਬ, 11 ਮਾਰਚ (ਬਲਜਿੰਦਰ ਸਿੰਘ)-ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਰੂਮ ਵਿਖੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਦੀਆਂ ਸਮੂਹ ਗੈਸ ਏਜੰਸੀਆਂ, ਪੈਟਰੋਲ ਤੇ ਡੀਜ਼ਲ ਪੰਪ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਗੈਸ, ਪੈਟਰੋਲ ਤੇ ਡੀਜ਼ਲ ਦੀ ਸਪਲਾਈ ਦਾ ਜਾਇਜ਼ਾ ਲੈਣ ਲਈ ਅਹਿਮ ਮੀਟਿੰਗ ਕੀਤੀ | ਡੀ.ਸੀ ਨੇ ਸਮੂਹ ਗੈਸ ਏਜੰਸੀਆਂ ਅਤੇ ਪੈਟਰੋਲ ਪੰਪ ਤੋਂ ਆਏ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਨਿਰਵਿਘਨ ਸਪਲਾਈ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਆਮ ਲੋਕਾਂ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ | ਉਨ੍ਹਾਂ ਸਪੱਸ਼ਟ ਕੀਤਾ ਕਿ ਗੈਸ, ਪੈਟਰੋਲ ਤੇ ਡੀਜ਼ਲ ਦੀ ਜਮ੍ਹਾਖ਼ੋਰੀ ਤੋਂ ਗੁਰੇਜ਼ ਕੀਤਾ ਜਾਵੇ, ਜੇਕਰ ਅਜਿਹੀ ਕੋਈ ਸ਼ਿਕਾਇਤ ਸਾਹਮਣੇ ਆਉਂਦੀ ਹੈ ਤਾਂ ਸਬੰਧਿਤ ਏਜੰਸੀ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਸਮੂਹ ਗੈਸ ਏਜੰਸੀਆਂ ਅਤੇ ਪੈਟਰੋਲ ਪੰਪਾਂ ਤੋਂ ਆਏ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਅੰਦਰ ਅਜਿਹੀ ਕੋਈ ਸਮੱਸਿਆ ਨਹੀਂ ਹੈ, ਲੋਕਾਂ ਨੂੰ ਨਿਰਵਿਘਨ ਅਤੇ ਸੁਚਾਰੂ ਸਪਲਾਈ ਮੁਹੱਈਆ ਹੋ ਰਹੀ ਹੈ ਅਤੇ ਭਵਿੱਖ ਅੰਦਰ ਵੀ ਨਿਯਮਾਂ ਅਨੁਸਾਰ ਸਪਲਾਈ ਜਾਰੀ ਰਹੇਗੀ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਗੈਸ, ਪੈਟਰੋਲ ਤੇ ਡੀਜ਼ਲ ਦੀ ਘਾਟ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ 'ਤੇ ਭਰੋਸਾ ਨਾ ਕਰਨ ਦੀ ਅਪੀਲ ਕੀਤੀ | ਉਨ੍ਹਾਂ ਸੋਸ਼ਲ ਮੀਡੀਆ ਜਾਂ ਹੋਰ ਪਲੇਟਫ਼ਾਰਮਾਂ ਰਾਹੀ ਅਜਿਹੀਆਂ ਸੂਚਨਾਵਾਂ, ਸੰਦੇਸ਼ ਭੇਜਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਅਜਿਹੀਆਂ ਕਾਰਵਾਈਆਂ ਤੋਂ ਦੂਰੀ ਬਣਾਉਣ ਦੀ ਹਦਾਇਤ ਕੀਤੀ | ਮੀਟਿੰਗ ਵਿਚ ਜ਼ਿਲ੍ਹਾ ਕੰਟਰੋਲਰ ਖ਼ੁਰਾਕ ਸਿਵਲ ਸਪਲਾਈਜ਼ ਅਫ਼ਸਰ ਮੀਨਾਕਸ਼ੀ, ਜ਼ਿਲ੍ਹਾ ਪ੍ਰਧਾਨ ਪੈਟਰੋਲ ਤੇ ਡੀਜ਼ਲ ਪੰਪ ਐਸੋਸੀਏਸ਼ਨ, ਸਹਾਇਕ ਖ਼ੁਰਾਕ ਸਪਲਾਈ ਅਫ਼ਸਰ, ਖਮਾਣੋਂ, ਅਮਲੋਹ, ਖੇੜਾ, ਫ਼ਤਹਿਗੜ੍ਹ ਸਾਹਿਬ ਅਤੇ ਨਿਰੀਖਕ, ਖ਼ੁਰਾਕ ਤੇ ਸਪਲਾਈ, ਬਸੀ ਪਠਾਣਾਂ ਅਤੇ ਸਰਹਿੰਦ ਹਾਜ਼ਰ ਸਨ |