ਫ਼ਤਹਿਗੜ੍ਹ ਸਾਹਿਬ, 27 ਮਾਰਚ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਐਸ.ਸੀ. ਵਿੰਗ ਦੇ ਪੰਜਾਬ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ. ਅੱਜ ਆਪਣੇ ਸਾਥੀਆਂ ਸਮੇਤ ਅਨਾਜ ਮੰਡੀ ਸਰਹਿੰਦ ਵਿਖੇ ਪਹੁੰਚੇ | ਉਨ੍ਹਾਂ ਨੇ ਅਨਾਜ ਮੰਡੀ ਸਰਹਿੰਦ ਵਿਖੇ ਪਾਰਟੀ ਦੀ ਵਿਸ਼ਾਲ ਰੈਲੀ ਦੇ ਪ੍ਰਬੰਧਾਂ ਅਤੇ ਜ਼ਮੀਨੀ ਤਿਆਰੀਆਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਤਾਂ ਜੋ ਰੈਲੀ ਨੂੰ ਇਤਿਹਾਸਕ ਬਣਾਇਆ ਜਾ ਸਕੇ | ਜੀ.ਪੀ. ਨੇ ਦੱਸਿਆ ਕਿ ਇਸ ਰੈਲੀ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮਨੀਸ਼ ਸਿਸੋਦੀਆ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਇਸ ਮੰਚ ਤੋਂ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰੇਗੀ | ਜੀ.ਪੀ. ਨੇ ਪੰਜਾਬ ਸਰਕਾਰ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਤਰੱਕੀ ਅਤੇ ਖ਼ੁਸ਼ਹਾਲੀ ਦਾ ਨਵਾਂ ਦੌਰ ਸ਼ੁਰੂ ਹੋਇਆ ਹੈ | ਉਨ੍ਹਾਂ ਖ਼ਾਸ ਤੌਰ 'ਤੇ ਜ਼ਿਕਰ ਕੀਤਾ ਕਿ ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਵੱਡੀਆਂ ਗਰਾਂਟਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਮੁੱਖ ਉਦੇਸ਼ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ-ਪੱਖੀ ਸਕੀਮਾਂ ਅਤੇ ਪਾਰਟੀ ਦੀਆਂ ਭਵਿੱਖੀ ਨੀਤੀਆਂ ਬਾਰੇ ਲੋਕਾਂ ਨੂੰ ਸਿੱਧੇ ਤੌਰ 'ਤੇ ਜਾਣਕਾਰੀ ਦੇਣਾ ਹੈ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੇ ਸਨਮੁੱਖ ਹੋ ਕੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਵੇਰਵਾ ਸਾਂਝਾ ਕਰਨਗੇ | ਜੀ.ਪੀ. ਨੇ ਪਾਰਟੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ 28 ਮਾਰਚ ਨੂੰ ਵੱਡੀ ਗਿਣਤੀ ਵਿਚ ਅਨਾਜ ਮੰਡੀ ਸਰਹਿੰਦ ਵਿਖੇ ਪਹੁੰਚਣ | ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਦੀ ਸਿਆਸਤ ਵਿਚ ਇਕ ਨਵਾਂ ਮੀਲ ਪੱਥਰ ਸਾਬਤ ਹੋਵੇਗੀ | ਇਸ ਮੌਕੇ ਸਮਾਜ ਸੇਵਕ ਸੁਰਜੀਤ ਸਿੰਘ ਕਾਲੇਵਾਲ ਤੇ ਹੋਰ ਮੌਜੂਦ ਸਨ |